ਏ.ਡੀ.ਸੀ. ਡਾ. ਹਰਿਜੰਦਰ ਸਿੰਘ ਬੇਦੀ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੀ ਚੈਕਿੰਗ

ਦਫ਼ਤਰੀ ਸਟਾਫ਼ ਨੂੰ ਲੋਕਾਂ ਦੇ ਮਸਲਿਆਂ ਦਾ ਯੋਗ ਹੱਲ ਕਰਨ ਦੇ ਦਿੱਤੇ ਨਿਰਦੇਸ਼
ਗੁਰਦਾਸਪੁਰ, 25 ਫਰਵਰੀ ( ਦੀ ਪੰਜਾਬ ਵਾਇਰ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਿਜੰਦਰ ਸਿੰਘ ਬੇਦੀ ਵੱਲੋਂ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਤੋਂ ਇਲਾਵਾ ਦਫਤਰੀ ਰਿਕਾਰਡ ਨੂੰ ਵੀ ਚੈੱਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਦਫ਼ਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਲੋਕਾਂ ਨੇ ਦਫ਼ਤਰੀ ਅਮਲੇ ਵੱਲੋਂ ਕੀਤੇ ਜਾ ਰਹੇ ਕੰਮ ਉਪਰ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦਫ਼ਤਰੀ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸਵੇਰੇ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਅਤੇ ਦਿਨ ਭਰ ਆਪਣੇ ਦਫ਼ਤਰਾਂ ਵਿੱਚ ਆਏ ਲੋਕਾਂ ਦੇ ਮਸਲੇ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰਨ। ਉਨ੍ਹਾਂ ਕਿਹਾ ਕਿ ਪੂਰਾ ਸਮਾਂ ਦਫ਼ਤਰ ਵਿੱਚ ਹਾਜ਼ਰ ਰਿਹਾ ਜਾਵੇ ਅਤੇ ਫੀਲਡ ਸਟਾਫ਼ ਵੀ ਫੀਲਡ ਵਿੱਚ ਜਾਣ ਤੋਂ ਪਹਿਲਾਂ ਮੂਵਮੈਂਟ ਰਜਿਸਟਰ ਵਿੱਚ ਆਪਣੀ ਐਂਟਰੀ ਦਰਜ ਕਰਕੇ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਦਫ਼ਤਰਾਂ ਵਿੱਚ ਸਾਰਾ ਸਟਾਫ ਸਮੇਂ ਸਿਰ ਹਾਜ਼ਰ ਹੋਵੇ ਅਤੇ ਦਫ਼ਤਰ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਫਰਲੋ ਅਤੇ ਲੋਕਾਂ ਦੀ ਖੱਜਲ-ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।