Close

Recent Posts

ਪੰਜਾਬ

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
  • PublishedFebruary 25, 2025

ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਰਾਜ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਤਰਜੀਹ ਦਿੱਤੀ ਜਾਵੇਗੀ

ਐਸ.ਏ.ਐਸ.ਨਗਰ, 25 ਫਰਵਰੀ 2025 (ਦੀ ਪੰਜਾਬ ਵਾਇਰ)। 2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ।  ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ। 

ਸ਼੍ਰੀਮਤੀ ਕੋਮਲ ਮਿੱਤਲ ਜੋ ਕਿ ਐਸ.ਏ.ਐਸ.ਨਗਰ ਵਿੱਚ ਆਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਤਾਇਨਾਤ ਸਨ, ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏ ਡੀ ਸੀ (ਜ) ਅਤੇ ਏ ਡੀ ਸੀ (ਯੂ ਡੀ), ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਵਧੀਕ ਸਕੱਤਰ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਐਸ ਡੀ ਐਮ ਮੁਕੇਰੀਆਂ ਰਹਿ ਚੁੱਕੇ ਹਨ।  ਆਪਣੀਆਂ ਤਰਜੀਹਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪ੍ਰਸਾਸ਼ਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕਰਨ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮੇਂ ਸਿਰ ਪ੍ਰਦਾਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਖਾਸ ਕਰਕੇ ਮੁਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਜ਼ਿਲ੍ਹਾ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਮੀਟਿੰਗ ਕਰਕੇ, ਜ਼ਿਲ੍ਹੇ ਵਿੱਚ ਕੰਮ ਕਰ ਰਹੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

ਡੀ ਸੀ ਦਫ਼ਤਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।  ਉਨ੍ਹਾਂ ਦਾ ਸਵਾਗਤ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਨੇ ਕੀਤਾ।

Written By
The Punjab Wire