ਬਾਜਵਾ ਨੇ ਡਾ. ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਮਤਾ ਲਿਆਉਣ ਵਿੱਚ ਅਸਫ਼ਲ ਰਹਿਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ੍ਹ 25 ਫਰਵਰੀ 2025 ( ਦੀ ਪੰਜਾਬ ਵਾਇਰ)– ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੀ ਦੂਜੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦੇ ਖਰੜੇ ਵਿਰੁੱਧ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਮਤੇ ਦਾ ਸ਼ਰਤਾਂ ਨਾਲ ਸਮਰਥਨ ਕੀਤਾ। ਵਿਧਾਨ ਸਭਾ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦਾ ਖਰੜਾ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਘਾਤਕ ਹੋਣ ਜਾ ਰਿਹਾ ਹੈ ਅਤੇ ਪੰਜਾਬ ਕਾਂਗਰਸ ਇਸ ਵਿਰੁੱਧ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੁਝ ਵੀ ਕਰ ਸਕਦੀ ਹੈ। ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਲਈ ਸਰਕਾਰ ਨਾਲ ਮਿਲ ਕੇ ਲੜਨ ਤੋਂ ਵੀ ਗੁਰੇਜ਼ ਨਹੀਂ ਕਰਾਂਗੇ। ਭਾਜਪਾ ਨੂੰ ਪੰਜਾਬ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਬਾਜਵਾ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਰਥਿਕ ਅਤੇ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ‘ਤੇ ਤੁਲੀ ਹੋਈ ਹੈ। ਭਾਜਪਾ ਸਿਰਫ਼ ਬਹੁ-ਰਾਸ਼ਟਰੀ ਕੰਪਨੀਆਂ ਅਤੇ ਵੱਡੀਆਂ ਕਾਰਪੋਰੇਸ਼ਨਾਂ ਦੇ ਹਿੱਤਾਂ ਦੀ ਪੂਰਤੀ ਕਰਦੀ ਹੈ ਅਤੇ ਕਿਸਾਨਾਂ ਅਤੇ ਹੋਰ ਗ਼ਰੀਬ ਵਰਗਾਂ ਦੇ ਹਿੱਤਾਂ ਲਈ ਕੰਮ ਕਰਨ ਦੀ ਕੋਈ ਪਰਵਾਹ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਭਗਵਾ ਪਾਰਟੀ ਲੰਬੇ ਸਮੇਂ ਤੋਂ ਖੇਤੀ ਖ਼ੇਤਰ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੌਰਾਨ ਸ਼ਾਂਤਾ ਕੁਮਾਰ ਖੇਤੀਬਾੜੀ ਕਮਿਸ਼ਨ ਨੇ ਭਾਰਤੀ ਖ਼ੁਰਾਕ ਨਿਗਮ (FCI) ਨੂੰ ਖ਼ਤਮ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅਜੇ ਵੀ ਇਸੇ ਦੀ ਪੈਰਵੀ ਕਰ ਰਹੀ ਹੈ। ਬਾਜਵਾ ਨੇ 8000 ਕਰੋੜ ਰੁਪਏ ਦਾ ਪੇਂਡੂ ਵਿਕਾਸ ਫ਼ੰਡ (RDF) ਪ੍ਰਾਪਤ ਕਰਨ ਲਈ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਵਿਰੁੱਧ ਕੇਸ ਦਾ ਬਚਾਅ ਕਰਨ ਵਿੱਚ ਅਸਫ਼ਲ ਰਹਿਣ ਲਈ ‘ਆਪ’ ਸਰਕਾਰ ਦੀ ਵੀ ਆਲੋਚਨਾ ਕੀਤੀ।
ਬਾਜਵਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਗਵਾਈ ਕਰਨ ਤਾਂ RDF ਫੰਡ ਪ੍ਰਾਪਤੀ ਲਈ ਅਸੀਂ ਉਨ੍ਹਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਰੋਸ ਪ੍ਰਦਰਸ਼ਨ ਕਰਨ ਲਈ ਵੀ ਤਿਆਰ ਹਾਂ।