Close

Recent Posts

ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ
  • PublishedFebruary 26, 2025

ਤੁਰੰਤ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਦਾ ਵਿਕਲਪ ਬਹਾਲ ਕਰੋ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ 2025 (ਦੀ ਪੰਜਾਬ ਵਾਇਰ)– ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੇਤਰੀ ਭਾਸ਼ਾਵਾਂ ਦੇ ਵਿਕਲਪ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਪਾਰਟੀ ਨੇ  ਮੰਗ ਕੀਤੀ ਹੈ ਕਿ ਇਸ ਵਿਕਲਪ ਨੂੰ ਤੁਰੰਤ ਬਹਾਲ ਕੀਤਾ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਦੇ ਸੀ ਬੀ ਐਸ ਈ ਬੋਰਡ ਨੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਹਟਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬੀ ਨੂੰ ਜੰਮੂ-ਕਸ਼ਮੀਰ ਵਿਚ ਖੇਤਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਹਟਾਇਆ ਗਿਆ ਸੀ।

ਉਹਨਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਪੰਜਾਬੀ ਬੋਲਣ ਵਾਲੇ ਲੋਕਾਂ ਦੀ ਗਿਣਤੀ ਕਰੋੜਾਂ ਵਿਚ ਹੈ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਹਟਾਉਣਾ ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਵਸਦੇ ਪੰਜਾਬੀਆਂ ਨਾਲ ਬਹੁਤ ਵੱਡਾ ਵਿਤਕਰਾ ਹੈ।

ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਇਸ ਤਰੀਕੇ ਦਾ ਵਿਤਕਰੇ ਭਰਪੂਰ ਵਤੀਰਾ ਅਪਣਾ ਰਿਹਾ ਹੈ। ਉਹਨਾਂ ਕਿਹਾ ਕਿ ਦਿਨ ਬ ਦਿਨ ਕੇਂਦਰ ਸਰਕਾਰ ਪੰਜਾਬ ਤੇ ਪੰਜਾਬੀ ਵਿਰੋਧੀ ਫੈਸਲੇ ਲਗਾਤਾਰ ਲੈ ਰਹੀ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਭਾਜਪਾ ਪੰਜਾਬੀਆਂ ਤੋਂ ਬਦਲਾ ਲੈਣ ਵਾਸਤੇ ਕੰਮ ਕਰ ਰਹੀ ਹੈ ਕਿਉਂਕਿ ਪੰਜਾਬੀਆਂ ਨੇ ਸਮੇਂ-ਸਮੇਂ ’ਤੇ ਹੋਈਆਂ ਚੋਣਾਂ ਵਿਚ ਭਾਜਪਾ ਨੂੰ ਵੋਟਾਂ ਨਹੀਂ ਪਾਈਆਂ।

ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰਨ ਵਾਲਾ ਨਹੀਂ ਹੈ। ਅਸੀਂ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਇਸ ਪੰਜਾਬੀ ਵਿਰੋਧੀ ਫੈਸਲੇ ਨੂੰ ਵਾਪਸ ਕਰਵਾਉਣ ਵਾਸਤੇ ਨਿਰੰਤਰ ਮੁਹਿੰਮ ਵਿੱਢੇਗਾ।

Written By
The Punjab Wire