ਬਾਜਵਾ ਨੇ ਕੈਗ ਨੂੰ ਪੰਜਾਬ ਵਿੱਚ ਵੀ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ

ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਕਰਨ ਤੋਂ ਪਹਿਲਾਂ ਚੀਮਾ ਨੂੰ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਚਾਰੂ ਬਣਾਉਣਾ ਚਾਹੀਦਾ ਹੈ- ਬਾਜਵਾ
ਚੰਡੀਗੜ੍ਹ, 27 ਫਰਵਰੀ 2025 (ਦੀ ਪੰਜਾਬ ਵਾਇਰ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਪਿਛਲੀ ਸਰਕਾਰ ਦੀਆਂ ਕਥਿਤ ਗਲਤੀਆਂ ਦਾ ਪਰਦਾਫਾਸ਼ ਕਰਨ ਵਾਲੀ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀਆਂ ਰਿਪੋਰਟਾਂ ਤੋਂ ਬਾਅਦ ਵੀਰਵਾਰ ਨੂੰ ਕੈਗ ਨੂੰ ਪੰਜਾਬ ‘ਚ ਵੀ ਅਜਿਹੀ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਕੈਗ ਦੀ ਰਿਪੋਰਟ ਮੁਤਾਬਿਕ 2021-22 ‘ਚ ‘ਆਪ’ ਸਰਕਾਰ ‘ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਕਥਿਤ ਬੇਨਿਯਮੀਆਂ ਕਾਰਨ ਦਿੱਲੀ ਸਰਕਾਰ ਨੂੰ 2,002 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੈਗ ਦੀ ਰਿਪੋਰਟ ‘ਚ ਇਹ ਵੀ ਖ਼ੁਲਾਸਾ ਹੋਇਆ ਹੈ ਕਿ 2018 ਤੋਂ 2022 ਦਰਮਿਆਨ ‘ਆਪ’ ਸਰਕਾਰ ਦੇ ਇਸ਼ਤਿਹਾਰਬਾਜ਼ੀ ਮੁਹਿੰਮਾਂ ‘ਤੇ ਖ਼ਰਚ ‘ਚ 1200 ਫ਼ੀਸਦੀ ਦਾ ਵਾਧਾ ਹੋਇਆ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇੱਥੇ ਇਹ ਦੱਸਣਾ ਉਚਿੱਤ ਹੈ ਕਿ ‘ਆਪ’ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਦਿੱਲੀ ਦੀ ਆਬਕਾਰੀ ਨੀਤੀ ਨੂੰ ਦੁਹਰਾਇਆ ਸੀ। ਇਸੇ ਤਰ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੇ ਦਿੱਲੀ ‘ਚ ਬੈਠੇ ਆਪਣੇ ਆਕਾਵਾਂ ਦੀ ਪਾਲਨਾ ਕਰਦਿਆਂ ਆਪਣੀ ਕਾਰਗੁਜ਼ਾਰੀ ਦਾ ਝੂਠਾ ਪ੍ਰਚਾਰ ਕੀਤਾ। ਅਜਿਹੇ ਮੌਕੇ ਵੀ ਆਏ ਜਦੋਂ ‘ਆਪ’ ਦੀ ਪੰਜਾਬ ਸਰਕਾਰ ਨੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਇਸ਼ਤਿਹਾਰ ਪ੍ਰਸਾਰਿਤ ਕੀਤੇ, ਜਿਸ ਨਾਲ ਪੰਜਾਬ ਦਾ ਖ਼ਜ਼ਾਨਾ ਬਰਬਾਦ ਹੋਇਆ।
ਬਾਜਵਾ ਨੇ ਕਿਹਾ ਕਿ ਇਸ ਲਈ ਮੈਂ ਕੈਗ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਪੰਜਾਬ ਵਿਚ ਬੇਨਿਯਮੀਆਂ ਦੀ ਜਾਂਚ ਲਈ ਪੰਜਾਬ ਵਿਚ ਜਾਂਚ ਸ਼ੁਰੂ ਕਰਨ। ਬਾਜਵਾ ਨੇ ਕਿਹਾ ਕਿ ਸੱਤਾ ‘ਚ ਆਉਣ ਦੇ ਤਿੰਨ ਸਾਲ ਬਾਅਦ ਪੰਜਾਬ ‘ਚ ‘ਆਪ’ ਸਰਕਾਰ ਹੁਣ ਡੂੰਘੀ ਨੀਂਦ ਤੋਂ ਜਾਗ ਗਈ ਹੈ ਅਤੇ ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ, ਵਾਅਦਾ ਇਹ ਸੀ ਕਿ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2024 ਦੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਵੀ ਖੋਖਲਾ ਸਾਬਤ ਹੋਇਆ ਹੈ। ਬਾਜਵਾ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪੰਜਾਬ ‘ਚ ਸਰਕਾਰ ਬਣਾਈ ਹੈ, ਉਦੋਂ ਤੋਂ ਉਹ ਝੂਠ ਬੋਲ ਰਹੇ ਹਨ। ਬਾਜਵਾ ਨੇ ਕਿਹਾ ਕਿ ਪੰਜ ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਦੀ ਅਗਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਚਾਰੂ ਬਣਾਉਣਾ ਚਾਹੀਦਾ ਹੈ ਜੋ ਤਬਾਹ ਹੋਣ ਦੀ ਕਗਾਰ ‘ਤੇ ਹੈ।