ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ 11 ਲੋੜਵੰਦ ਲੜਕੀਆਂ ਦੇ ਵਿਆਹ – ਏ.ਡੀ.ਸੀ. ਡਾ. ਬੇਦੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ 11 ਲੋੜਵੰਦ ਲੜਕੀਆਂ ਦੇ ਵਿਆਹ – ਏ.ਡੀ.ਸੀ. ਡਾ. ਬੇਦੀ
  • PublishedFebruary 28, 2025


ਗੁਰਦਾਸਪੁਰ, 28 ਫਰਵਰੀ 2025 (ਦੀ ਪੰਜਾਬ ਵਾਇਰ) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਪਹਿਲਕਦਮੀ ਕਰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 3 ਮਾਰਚ ਨੂੰ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਹੀ ਲੋੜਵੰਦਾਂ ਦੀ ਬਾਂਹ ਫੜਦਾ ਰਿਹਾ ਹੈ ਅਤੇ ਇਸ ਵਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ 11 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਵਿਸ਼ੇਸ਼ ਸਮਾਗਮ 3 ਮਾਰਚ 2025 ਨੂੰ ਮਹਿੰਦਰਾ ਗਰੀਨ ਲੈਂਡ ਪੈਲੇਸ ਗੁਰਦਾਸਪੁਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਨਵ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣਗੇ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਨਵ ਵਿਆਹੇ ਜੋੜਿਆਂ ਨੂੰ ਵਿਆਹ ਲਈ ਗਿਫ਼ਟ ਆਈਟਮਾਂ (ਕੱਪੜੇ, ਸੂਟ, ਚਾਦਰਾਂ, ਡਬਲ ਬੈੱਡ, ਗੱਦੇ, ਫਰਾਟਾ ਪੱਖਾ, ਡਿਨਰ ਸੈੱਟ, ਐੱਲ.ਈ.ਡੀ. ਆਦਿ) ਦੀ ਵੰਡ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਜ਼ਿਲ੍ਹੇ ਦੀਆਂ ਮਾਣਮੱਤੀਆਂ ਧੀਆਂ ਅਤੇ ਮਹਿਲਾ ਸਰਪੰਚਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਆਏ ਸਾਰੇ ਮਹਿਮਾਨਾਂ ਲਈ ਚਾਹ-ਪਾਣੀ ਅਤੇ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

Written By
The Punjab Wire