ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

532 ਗ੍ਰਾਮ ਹੈਰੋਇਨ ਅਤੇ ਸਵਿਫਟ ਕਾਰ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ
ਗੁਰਦਾਸਪੁਰ, 2 ਮਾਰਚ 2025 (ਦੀ ਪੰਜਾਬ ਵਾਇਰ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਅੱਜ ਗੁਰਦਾਸਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 532 ਗ੍ਰਾਮ ਹੈਰੋਇਨ ਅਤੇ ਸਵਿਫ਼ਟ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਐੱਸ.ਪੀ. (ਡੀ) ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਕਲਾਨੌਰ ਵਿਖੇ ਇੱਕ ਨਸ਼ਾ ਤਸਕਰ ਨੂੰ 532 ਗ੍ਰਾਮ ਹੈਰੋਇਨ ਅਤੇ ਸਵਿਫ਼ਟ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਚਰਨਜੀਤ ਸਿੰਘ ਉਰਫ ਚੰਨਾ ਪੁੱਤਰ ਫੁੰਮਣ ਸਿੰਘ, ਵਾਸੀ ਰਹੀਮਾਬਾਦ, ਥਾਣਾ ਕੋਟਲੀ ਸੂਰਤ ਮੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਕਲਾਨੌਰ ਵਿੱਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 21-ਸੀ-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਐੱਸ.ਪੀ. (ਡੀ) ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਦੋਸ਼ੀ ਨੇ ਪੁੱਛਗਿੱਛ ਦੌਰਾਨ ਦੋ ਹੋਰ ਨਸ਼ਾ ਤਸਕਰਾਂ ਸਾਹਿਬ ਸਿੰਘ ਅਤੇ ਗੁਰਲਾਲ ਸਿੰਘ ਦੀ ਸ਼ਮੂਲੀਅਤ ਮੰਨੀ ਹੈ ਅਤੇ ਪੁਲਿਸ ਵੱਲੋਂ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਵੀ ਮੁਕਦਮੇ ਵਿੱਚ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਸਮੇਤ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ।