ਗੁਰਦਾਸਪੁਰ

ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਜਿੱਤ ਲਈ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੋਟਰਾਂ ਦਾ ਧੰਨਵਾਦ ਕੀਤਾ

ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਜਿੱਤ ਲਈ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੋਟਰਾਂ ਦਾ ਧੰਨਵਾਦ ਕੀਤਾ
  • PublishedMarch 2, 2025

ਡੇਰਾ ਬਾਬਾ ਨਾਨਕ ਦੇ ਵੋਟਰਾਂ ਨੇ ਇੱਕ ਵਾਰ ਫਿਰ ਹੰਕਾਰ ਦੀ ਬਜਾਏ ਵਿਕਾਸ ਨੂੰ ਚੁਣਿਆ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ, 02 ਮਾਰਚ 2025 (ਦੀ ਪੰਜਾਬ ਵਾਇਰ) – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਆਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਧਮਾਕੇਦਾਰ ਜਿੱਤ ਉੱਪਰ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਆਪ ਦੇ ਜੇਤੂ ਉਮੀਦਵਾਰਾਂ ਸਮੇਤ ਡੇਰਾ ਬਾਬਾ ਨਾਨਕ ਦੇ ਸਮੂਹ ਵੋਟਰਾਂ ਨੂੰ ਵਧਾਈ ਦਿੱਤੀ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਦੌਰਾਨ ਹਰ ਪਾਰਟੀ ਨੂੰ ਚੋਣ ਲੜਨ ਦਾ ਬਰਾਬਰ ਮੌਕਾ ਮਿਲਿਆ ਹੈ ਪਰ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡਾ ਫ਼ਤਵਾ ਦੇ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਆਪਣਾ ਭਰੋਸਾ ਪ੍ਰਗਟ ਕੀਤਾ ਹੈ।ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹਾਲਾਂਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਕਾਂਗਰਸ ਅਤੇ ਭਾਜਪਾ ਵੱਲੋਂ ਅੰਦਰ ਖਾਤੇ ਰਲ ਕੇ ਲੜੀਆਂ ਗਈਆਂ ਸਨ ਪਰ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੇ ਇਨ੍ਹਾਂ ਦੋਵਾਂ ਰਿਵਾਇਤੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਇਸ ਹਲਕੇ ਨਾਲ ਸਬੰਧਿਤ ਵੱਡੇ ਕਾਂਗਰਸੀ ਆਗੂ ਦੀ ਹਾਰ ਹੈ ਅਤੇ ਲੋਕਾਂ ਨੇ ਇੱਕ ਵਾਰ ਫਿਰ ਹੰਕਾਰ ਦੀ ਬਜਾਏ ਵਿਕਾਸ ਨੂੰ ਚੁਣਿਆ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿੱਚ ਵੋਟਰਾਂ ਨੇ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਦਿੱਤਾ ਹੈ ਅਤੇ ਹੁਣ ਆਪ ਸਰਕਾਰ ਵੱਲੋਂ ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰੀ ਡੇਰਾ ਬਾਬਾ ਨਾਨਕ ਵਿੱਚ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਜਿਸ ਵਿਸ਼ਵਾਸ਼ ਤੇ ਉਮੀਦ ਨਾਲ ਆਪ ਉਮੀਦਵਾਰਾਂ ਨੂੰ ਜਿੱਤਾਇਆ ਹੈ ਪਾਰਟੀ ਉਨ੍ਹਾਂ ਉਮੀਦਾਂ `ਤੇ ਖਰ੍ਹੀ ਉੱਤਰੇਗੀ। ਉਨ੍ਹਾਂ ਨੇ ਇਸ ਜਿੱਤ ਲਈ ਅਕਾਲ ਪੁਰਖ ਦਾ ਧੰਨਵਾਦ ਕਰਨ ਦੇ ਨਾਲ ਡੇਰਾ ਬਾਬਾ ਨਾਨਕ ਦੇ ਸਮੂਹ ਵੋਟਰਾਂ ਅਤੇ ਪਾਰਟੀ ਹਾਈਕਮਾਨ ਦਾ ਵੀ ਧੰਨਵਾਦ ਕੀਤਾ ਹੈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਆਮ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਜੀਤ ਸਿੰਘ ਠੇਠਰਕੇ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

Written By
The Punjab Wire