ਚੰਡੀਗੜ੍ਹ, 4 ਮਾਰਚ 2025 (ਦੀ ਪੰਜਾਬ ਵਾਇਰ)। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਪੰਜਾਬ ਸਰਕਾਰ ਦਰਮਿਆਨ ਸੋਮਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ 5 ਮਾਰਚ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣਗੇ। ਇਸ ਤੋਂ ਬਾਅਦ ਮੰਗਲਵਾਰ ਸਵੇਰੇ ਪੁਲਿਸ ਨੇ ਪੰਜਾਬ ਦੇ ਕਈ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਪੁਲੀਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਮਾਲਵੇ ਦੇ ਕਈ ਇਲਾਕਿਆਂ ਵਿੱਚ ਛਾਪੇ ਮਾਰੇ ਪਰ ਅਸਫਲ ਰਹੇ। ਸੂਤਰਾਂ ਅਨੁਸਾਰ ਕਿਸਾਨ ਪੁਲੀਸ ਦੀ ਕਾਰਵਾਈ ਦਾ ਪਹਿਲ੍ਹਾ ਤੋਂ ਅੰਦੇਸ਼ਾ ਹੋ ਗਿਆ ਸੀ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ, ਪੁਲਿਸ ਸੰਗਰੂਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਦੇ ਘਰ ਵੀ ਪਹੁੰਚੀ, ਪਰ ਉਹ ਘਰ ਵਿੱਚ ਮੌਜੂਦ ਨਹੀਂ ਸੀ। ਕਿਸਾਨਾਂ ਵਿਰੁੱਧ ਕਾਰਵਾਈ ਸਬੰਧੀ ਐਸਕੇਐਮ ਨੇ ਸਵੇਰੇ 11 ਵਜੇ ਲੁਧਿਆਣਾ ਵਿੱਚ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ।
ਅੰਮ੍ਰਿਤਸਰ ਵਿੱਚ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਾਂਸ਼ਹਿਰ ‘ਚ 15 ਦੇ ਕਰੀਬ ਕਿਸਾਨ ਆਗੂਆਂ ਨੂੰ ਵੱਖ-ਵੱਖ ਥਾਣਿਆਂ ‘ਚ ਬਿਠਾ ਦਿੱਤਾ ਗਿਆ ਹੈ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਹੈ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਗ੍ਰਿਫ਼ਤਾਰੀ ਸਬੰਧੀ ਐਕਸ ‘ਤੇ ਪੋਸਟ ਕਰਦਿਆਂ ਇਸ ਕਾਰਵਾਈ ਦੀ ਨਿਖੇਧੀ ਕੀਤੀ। ਬਿੱਟੂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਇਸ ਦੇ ਭੇਦ ਖੋਲ੍ਹਣ ਤੋਂ ਬਾਅਦ ਹੁਣ ਪੁਲਿਸ ਕਿਸਾਨ ਆਗੂਆਂ ‘ਤੇ ਕਾਰਵਾਈ ਕਰ ਰਹੀ ਹੈ। ਜਿਵੇਂ ਕਿ ਅਸੀਂ ਵਾਰ-ਵਾਰ ਕਿਹਾ ਹੈ ਕਿ ਮੁੱਖ ਮੰਤਰੀ ਨੇ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ ਅਤੇ ਪੰਜਾਬ ਪੁਲਿਸ ਦੀ ਕਿਸਾਨਾਂ ਵਿਰੁੱਧ ਕਾਰਵਾਈ ਅਤਿ ਨਿੰਦਣਯੋਗ ਹੈ। ਇਸ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ ਵਿਰੋਧੀ ਮਾਨਸਿਕਤਾ ਸਾਫ਼ ਝਲਕਦੀ ਹੈ।