ਚੰਡੀਗੜ੍ਹ, 4 ਮਾਰਚ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲਦਾਰਾਂ ਦੀ ਹੜਤਾਲ ‘ਤੇ ਸਖ਼ਤ ਚਿਤਾਵਨੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਤਹਿਸੀਲਦਾਰ ਭ੍ਰਿਸ਼ਟਾਚਾਰੀ ਸਾਥੀਆਂ ਦੀ ਮਦਦ ਕਰਦੇ ਹੋਏ ਹੜਤਾਲ ‘ਤੇ ਰਹਿਣਗੇ, ਤਾਂ ਸਰਕਾਰ ਉਨ੍ਹਾਂ ਬਾਰੇ ਕੋਈ ਨਰਮੀ ਨਹੀਂ ਵਿਖਾਏਗੀ।
ਭਗਵੰਤ ਮਾਨ ਨੇ ਆਪਣੇ ਐਕਸ ‘ਤੇ ਲਿਖਿਆ, “ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ‘ਚ ਹੜਤਾਲ ਕਰ ਰਹੇ ਨੇ, ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ, ਇਹ ਲੋਕ ਫੈਸਲਾ ਕਰਨਗੇ।”
ਇਹ ਬਿਆਨ ਤਹਿਸੀਲਦਾਰਾਂ ਲਈ ਇੱਕ ਵੱਡੀ ਚਿਤਾਵਨੀ ਵਜੋਂ ਵੇਖਿਆ ਜਾ ਰਿਹਾ ਹੈ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਹੜਤਾਲ ਜਾਰੀ ਰਹਿੰਦੀ ਹੈ, ਤਾਂ ਸਰਕਾਰ ਵੱਲੋਂ ਤਗੜੇ ਕਦਮ ਚੁੱਕੇ ਜਾਣਗੇ।
ਮਾਨ ਸਰਕਾਰ ਨੇ ਪਹਿਲਾਂ ਹੀ ਇਸ਼ਾਰਾ ਦੇ ਦਿੱਤਾ ਹੈ ਕਿ ਕਿਸੇ ਵੀ ਹੜਤਾਲ ਦੇ ਆੜ ‘ਚ ਭ੍ਰਿਸ਼ਟਾਚਾਰ ਨੂੰ ਬਚਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਣ ਦੇਖਣਾ ਇਹ ਰਹੇਗਾ ਕਿ ਤਹਿਸੀਲਦਾਰ ਸਰਕਾਰ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦੇ ਹਨ ਜਾਂ ਨਹੀਂ।