ਪੰਜਾਬ

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ
  • PublishedMarch 4, 2025

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

ਕਿਹਾ, ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ

ਚੰਡੀਗੜ੍ਹ, 4 ਮਾਰਚ 2025 (ਦੀ ਪੰਜਾਬ ਵਾਇਰ)– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ।

 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ।  ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ-ਬਾਲ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ। ਇਸ ਮੌਕੇ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਮੁੱਖ ਸਕੱਤਰ   ਰਾਜੀ ਪੀ ਸ਼੍ਰੀਵਾਸਤਵਾ, ਵਿਸ਼ੇਸ਼  ਸਕੱਤਰ ਕੇਸ਼ਵ ਹਿੰਗੋਨੀਆ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ,  ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Written By
The Punjab Wire