Close

Recent Posts

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5ਵੇਂ ਦਿਨ 75 ਨਸ਼ਾ ਤਸਕਰ ਗ੍ਰਿਫ਼ਤਾਰ; 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5ਵੇਂ ਦਿਨ 75 ਨਸ਼ਾ ਤਸਕਰ ਗ੍ਰਿਫ਼ਤਾਰ; 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਬਰਾਮਦ
  • PublishedMarch 5, 2025

ਸਿਰਫ਼ 5 ਦਿਨਾਂ ‘ਚ 547 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

80ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪ੍ਰੀਵੈਂਸ਼ਨ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਵਾਏ 165 ਜਾਗਰੂਕਤਾ ਸਮਾਗਮ

ਚੰਡੀਗੜ੍ਹ, 5 ਮਾਰਚ 2025 (ਦੀ ਪੰਜਾਬ ਵਾਇਰ)– ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਪੰਜਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27.7 ਕਿਲੋਗ੍ਰਾਮ ਹੈਰੋਇਨ ਅਤੇ 3.06 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ ਪੰਜ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 547 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਅਫੀਮ ਅਤੇ 2060 ਨਸ਼ੀਲੀਆਂ ਗੋਲੀਆਂ/ਟੀਕੇ ਵੀ ਬਰਾਮਦ ਕੀਤੇ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 356 ਥਾਵਾਂ ‘ਤੇ ਛਾਪੇਮਾਰੀ ਕਰਕੇ 48 ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।  

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 165 ਜਾਗਰੂਕਤਾ ਸਮਾਗਮ ਕਰਵਾਏ ਗਏ।

Written By
The Punjab Wire