ਚੇਅਰਮੈਨ ਰਮਨ ਬਹਿਲ ਵੱਲੋਂ 8 ਮਾਰਚ 2025 ਨੂੰ ਸਵੇਰੇ 10:30 ਵਜੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਰੱਖਿਆ ਜਾਵੇਗਾ ਨੀਂਹ ਪੱਥਰ
ਗੁਰਦਾਸਪੁਰ, 06 ਮਾਰਚ 2025 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਅਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਸਿਵਲ ਹਸਪਤਾਲ ਦੀ ਮੁਰੰਮਤ ਤੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਅਤੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਨੀਂਹ ਪੱਥਰ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ 8 ਮਾਰਚ 2025 ਨੂੰ ਸਵੇਰੇ 10:30 ਵਜੇ ਰੱਖਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕ੍ਰਾਂਤੀ ਤਹਿਤ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਗੁਰਦਾਸਪੁਰ ਵਿਖੇ ਸਿਹਤ ਸੇਵਾਵਾਂ ਦੇ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਸਦਕਾ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਲਈ 2.03 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ 2.03 ਕਰੋੜ ਰੁਪਏ ਵਿੱਚੋਂ 1.27 ਕਰੋੜ ਰੁਪਏ ਸਿਵਲ ਹਸਪਤਾਲ ਦੀ ਮੁਰੰਮਤ ਤੇ ਨਵੀਨੀਕਰਨ ਉੱਪਰ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ 76.16 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਵਿੱਚ ਨਵਾਂ ਫੈਸਲੀਟੇਸ਼ਨ ਸੈਂਟਰ ਬਣਾਇਆ ਜਾਵੇਗਾ ਜਿਸ ਦਾ ਨੀਂਹ ਪੱਥਰ ਸ਼ਨੀਵਾਰ 8 ਮਾਰਚ ਨੂੰ ਸਵੇਰੇ 10:30 ਵਜੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਨਵਾਂ ਫੈਸਲੀਟੇਸ਼ਨ ਸੈਂਟਰ ਬਣਨ ਨਾਲ ਮਰੀਜ਼ਾਂ ਦੇ ਨਾਲ ਆਉਂਦੇ ਪਰਿਵਾਰਕ ਮੈਂਬਰਾਂ ਅਤੇ ਕੇਅਰ ਟੇਕਰਾਂ ਨੂੰ ਵੱਡੀ ਸਹੂਲਤ ਮਿਲੇਗੀ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਪੱਖ ਤੋਂ ਗੁਰਦਾਸਪੁਰ ਨੂੰ ਸੂਬੇ ਦਾ ਮੋਹਰੀ ਸ਼ਹਿਰ ਬਣਾਉਣ ਵਿੱਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।