ਗੁਰਦਾਸਪੁਰ ਪੁਲਿਸ ਨੇ ਪਿਛਲੇ 10 ਦਿਨਾਂ ‘ਚ 12 ਓਪਰੇਸ਼ਨ ਕਰਕੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਦਬੋਚਿਆ
ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ
ਗੁਰਦਾਸਪੁਰ, 12 ਮਾਰਚ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੇ ਨਿਰਦੇਸ਼ਾਂ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ, ਆਈ.ਪੀ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ 1 ਮਾਰਚ 2025 ਤੋਂ ਅੱਜ ਤੱਕ ਵੱਖ-ਵੱਖ ਥਾਵਾਂ ‘ਤੇ 12 ਸਪੈਸ਼ਲ ਓਪਰੇਸ਼ਨ ਚਲਾਏ ਗਏ ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ 20 ਮੁਕੱਦਮੇ ਦਰਜ਼ ਕਰਕੇ 29 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਕੋਲੋਂ 619.52 ਗਰਾਮ ਹੈਰੋਇਨ, 484 ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 57,410 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਐੱਸ.ਐੱਸ.ਪੀ. ਸ੍ਰੀ ਅਦਿੱਤਿਆ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ 4 ਮੁਕੱਦਮੇ ਦਰਜ ਕਰਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ 21000 ਐੱਮ.ਐੱਲ. ਨਜਾਇਜ਼ ਸ਼ਰਾਬ ਅਤੇ 30 ਕਿੱਲੋ ਲਾਹਣ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਪੁਲਿਸ ਨੇ ਅਸਲਾ ਐਕਟ ਤਹਿਤ 01 ਮਾਮਲਾ ਦਰਜ ਕਰਕੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕੋਲੋਂ 2 ਪਿਸਟਲ ਸਮੇਤ ਮੈਗਜ਼ੀਨ ਬਰਾਮਦ ਹੋਏ ਹਨ।
ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਆਮ ਜਨਤਾ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ 10 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ। ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 567 ਵਿਅਕਤੀਆਂ ਦੇ ਟਰੈਫ਼ਿਕ ਚਲਾਨ ਕੱਟੇ ਗਏ ਹਨ।
ਐੱਸ.ਐੱਸ.ਪੀ. ਸ੍ਰੀ ਅਦਿੱਤਿਆ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਅਤੇ ਨਸ਼ਿਆਂ ਦਾ ਅਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆਂ ਅਤੇ ਹੋਰ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।