7 ਦਿਨਾਂ ਅੰਦਰ ਆਪਣੇ ਲਾਇਸੰਸ ਰੀਨਿਊ ਕਰਵਾਓ, ਨਹੀਂ ਤਾਂ ਰੱਦ ਹੋਣਗੇ ਲਾਇਸੰਸ – ਏ.ਡੀ.ਸੀ. ਡਾ. ਬੇਦੀ
ਗੁਰਦਾਸਪੁਰ, 11 ਮਾਰਚ 2025 ( ਦੀ ਪੰਜਾਬ ਵਾਇਰ)। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ 85 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਆਪਣੇ ਟਰੈਵਲ ਏਜੰਟੀ ਦੇ ਲਾਇਸੰਸ ਰੀਨਿਊ ਕਰਵਾ ਲੈਣ ਨਹੀਂ ਤਾਂ ਉਨ੍ਹਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 350 ਟਰੈਵਲ ਏਜੰਟਾਂ ਨੂੰ ਲਾਇਸੰਸ ਜਾਰੀ ਹੋਏ ਹਨ, ਜਿਨ੍ਹਾਂ ਵਿਚੋਂ ਇਸ ਸਮੇਂ 263 ਟਰੈਵਲ ਏਜੰਟ ਵਰਕਿੰਗ ਹਨ। ਉਨ੍ਹਾਂ ਕਿਹਾ ਕਿ 2 ਲਾਇਸੈਸਾਂ ਨੂੰ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਡਾ. ਬੇਦੀ ਨੇ ਦੱਸਿਆ ਕਿ 85 ਟਰੈਵਲ ਏਜੰਟਾਂ ਵੱਲੋਂ ਆਪਣੇ ਲਾਇਸੰਸ ਸਮੇਂ ਸਿਰ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ ਆਪਣੇ ਲਾਇਸੰਸ ਰੀਨਿਊ ਕਰਾਉਣ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਤੇ ਸਮੇਂ ਅੰਦਰ ਜੇਕਰ ਟਰੈਵਲ ਏਜੰਟ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਟਰੈਵਲ ਏਜੰਟ ਬਿਨਾਂ ਲਾਇਸੰਸ ਦੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਨਾ ਕਰ ਸਕੇ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਟਰੈਵਲ ਏਜੰਟ ਨੂੰ ਇਹ ਵੀ ਹਦਾਇਤ ਕੀਤੀ ਕਿ ਨੌਜਵਾਨਾਂ ਨੂੰ ਸਿਰਫ਼ ਕਾਨੂੰਨੀ ਢੰਗ ਨਾਲ ਹੀ ਵਿਦੇਸ਼ਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਡੌਂਕੀ ਲਗਾ ਕੇ ਜਾਂ ਕਿਸੇ ਹੋਰ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਭ ਤੋਂ ਪਹਿਲਾਂ ਟਰੈਵਲ ਏਜੰਟ ਦਾ ਲਾਇਸੰਸ ਚੈੱਕ ਕਰਨ ਅਤੇ ਉਸ ਤੋਂ ਬਾਅਦ ਆਪਣੇ ਬੱਚਿਆਂ ਨੂੰ ਸਿਰਫ਼ ਕਾਨੂੰਨੀ ਢੰਗ ਨਾਲ ਹੀ ਵਿਦੇਸ਼ਾਂ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਟਰੈਵਲ ਏਜੰਟ ਗੁੰਮਰਾਹ ਕਰਦਾ ਹੈ ਜਾਂ ਕਿਸੇ ਨਾਲ ਠੱਗੀ ਮਾਰਦਾ ਹੈ ਤਾਂ ਉਸ ਦੀ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਟਰੈਵਲ ਏਜੰਟ ਨੂੰ ਬਖ਼ਸ਼ਿਆ ਨਹੀਂ ਜਾਵੇਗਾ।