ਚੇਅਰਮੈਨ ਰਮਨ ਬਹਿਲ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ

ਉਦਯੋਗਿਕ ਇਸਟੇਟ ਗੁਰਦਾਸਪੁਰ ‘ਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਹੁਣ ਉਦਯੋਗਿਕ ਇਸਟੇਟ ਗੁਰਦਾਸਪੁਰ ਨੂੰ ਮਿਲੇਗੀ 24 ਘੰਟੇ ਨਿਰਵਿਘਨ ਬਿਜਲੀ ਸਪਲਾਈ
3.5 ਕਰੋੜ ਰੁਪਏ ਖ਼ਰਚ ਕਰਕੇ ਬਦਲੀ ਜਾਵੇਗੀ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਨੁਹਾਰ
ਗੁਰਦਾਸਪੁਰ, 13 ਮਾਰਚ 2025 (ਦੀ ਪੰਜਾਬ ਵਾਇਰ ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਉਦਯੋਗਿਕ ਇਸਟੇਟ ਗੁਰਦਾਸਪੁਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਅਰੰਭਤਾ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਸਟੇਟ ਗੁਰਦਾਸਪੁਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਉੱਪਰ 3.5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਉਦਯੋਗਿਕ ਇਸਟੇਟ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੇ ਨਾਲ ਇੱਥੇ ਸਥਿਤ ਸਾਰੀਆਂ ਸਨਅਤਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਸਹੂਲਤ ਦੇਣ ਨਵੀਂ ਹਾਟ ਲਾਈਨ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਾਲ 1976 ਵਿੱਚ ਗੁਰਦਾਸਪੁਰ ਵਿਖੇ ਉਦਯੋਗਿਕ ਇਸਟੇਟ ਬਣਾਈ ਗਈ ਸੀ, ਜਿਸ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਸੜਕਾਂ, ਵਾਟਰ ਸਪਲਾਈ, ਸੀਵਰੇਜ ਸਿਸਟਮ ਅਤੇ ਸਟਰੀਟ ਲਾਈਟਾਂ ਦੀ ਹਾਲਤ ਬਹੁਤ ਤਰਸਯੋਗ ਸੀ। ਸਨਅਤਾਂ ਨੂੰ ਬਿਜਲੀ ਸਪਲਾਈ ਦੀ ਵੱਖਰੀ ਲਾਈਨ ਨਾ ਹੋਣ ਕਾਰਨ ਅਕਸਰ ਹੀ ਬਿਜਲੀ ਕੱਟ ਲੱਗਣ ਕਾਰਨ ਸਨਅਤਾਂ ਨੂੰ ਵਿੱਤੀ ਨੁਕਸਾਨ ਵੀ ਸਹਿਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਉਦਯੋਗਿਕ ਇਸਟੇਟ ਵਿੱਚ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਸਨਅਤਕਾਰ ਬਹੁਤ ਪਰੇਸ਼ਾਨ ਸਨ ਅਤੇ ਉਨ੍ਹਾਂ ਨੇ ਆਪਣੀਆਂ ਇਹ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਸਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਸਨਅਤਕਾਰਾਂ ਦੀ ਇਸ ਜਾਇਜ਼ ਮੰਗ ਨੂੰ ਪੂਰਾ ਕਰਵਾਉਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਦਯੋਗ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੋਂਧ ਨਾਲ ਮੁਲਾਕਾਤ ਕਰਕੇ ਇਨ੍ਹਾਂ ਸਾਰੇ ਮਸਲਿਆਂ ਦੀ ਪੈਰਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗ ਨਾਲ ਸਹਿਮਤ ਹੁੰਦੇ ਹੋਏ ਗੁਰਦਾਸਪੁਰ ਦੀ ਉਦਯੋਗਿਕ ਇਸਟੇਟ ਲਈ 3.5 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ, ਜਿਸ ਤੋਂ ਬਾਅਦ ਅੱਜ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਕਿਹਾ ਕਿ 3.5 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 120.69 ਲੱਖ ਰੁਪਏ ਦੀ ਲਾਗਤ ਨਾਲ ਉਦਯੋਗਿਕ ਇਸਟੇਟ ਵਿੱਚ ਸਿਵਲ ਵਰਕ ਸੜਕਾਂ ਤੇ ਚਾਰਦੀਵਾਰੀ ਕੀਤੀ ਜਾਵੇਗੀ ਜਦਕਿ 54.64 ਲੱਖ ਰੁਪਏ ਵਾਟਰ ਸਪਲਾਈ ਅਤੇ ਸੀਵਰੇਜ ਸਿਸਟਮ ਦੀ ਦਰੁਸਤੀ ਲਈ ਖ਼ਰਚੇ ਜਾਣਗੇ। ਇਸ ਤੋਂ ਇਲਾਵਾ ਸਟਰੀਟ ਲਾਈਟਾਂ ਲਈ 16.22 ਲੱਖ ਰੁਪਏ, ਪਾਰਕਾਂ ਦੇ ਬਾਗ਼ਬਾਨੀ ਵਰਕ ਲਈ 9.78 ਲੱਖ ਰੁਪਏ ਅਤੇ ਓਵਰਹੈੱਡ ਚਾਰਜਿਸ ਉੱਪਰ 3.80 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ 1 ਕਰੋੜ ਰੁਪਏ ਖ਼ਰਚ ਕਰਕੇ ਰਣਜੀਤ ਬਾਗ ਬਿਜਲੀ ਘਰ ਤੋਂ ਉਦਯੋਗਿਕ ਇਸਟੇਟ ਲਈ ਵੱਖਰਾ ਐੱਚ.ਟੀ/ਐੱਲ.ਟੀ. ਬਿਜਲੀ ਸਿਸਟਮ ਲਗਾਇਆ ਗਿਆ ਹੈ, ਜਿਸ ਨਾਲ ਹੁਣ ਇੱਥੇ ਸਨਅਤਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਸ਼ੁਰੂ ਹੋ ਗਈ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਤੇ ਦੇਸ਼ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਪਰ ਪਿਛਲੀਆਂ ਸਰਕਾਰਾਂ ਨੇ ਇਸ ਅਹਿਮ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਛੱਡਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਸਨਅਤਕਾਰ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਸਨ ਪਰ ਵਿਰੋਧੀ ਪਾਰਟੀਆਂ ਦੇ ਸਥਾਨਿਕ ਆਗੂ ਸਿਰਫ ਆਪਣੀ ਹੀ ਮਸਤੀ ਵਿੱਚ ਮਸਤ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਉਸਦਾ ਹੱਲ ਕੀਤਾ ਹੈ। ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਦੀ ਇਸ ਅਹਿਮ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਦਯੋਗ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੋਂਧ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਟਾਲਾ, ਇੰਡਸਟਰੀਅਲ ਅਸਟੇਟ ਗੁਰਦਾਸਪੁਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮ ਸੁੰਦਰ ਵਰਮਾ, ਜਨਰਲ ਸਕੱਤਰ ਰੋਮੇਸ਼ ਮਹਾਜਨ, ਰਵੀ ਖੰਨਾ, ਗੁਰਿੰਦਰ ਸਿੰਘ ਬਾਜਵਾ, ਅਸ਼ੋਕ ਮਹਾਜਨ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਸੁਮਿਤ ਵਰਮਾ, ਭੂਸ਼ਣ ਗੁਪਤਾ, ਧਰਮਿੰਦਰ ਮੋਹਨ ਉੱਪਲ, ਗਗਨ ਸ਼ਰਮਾ, ਰਮੇਸ਼ ਕੁਮਾਰ ਮਹਾਜਨ, ਰਾਜੀਵ ਮਹਾਜਨ, ਰਮੇਸ਼ ਸ਼ਰਮਾ, ਦਰਸ਼ਨ ਸਿੰਘ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ।