ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
  • PublishedMarch 13, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 13 ਮਾਰਚ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐਸ.ਆਰ. ਪੋਰਟਲ ‘ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐਸ.ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

Written By
The Punjab Wire