ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਨਗਰ ਕੌਂਸਲ ਦੀਨਾਨਗਰ ਅਤੇ ਰੈਣ ਬਸੇਰੇ ਦਾ ਅਚਨਚੇਤ ਨਿਰੀਖਣ ਕੀਤਾ

ਦੀਨਾਨਗਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਿਹਾ
ਨਗਰ ਕੌਂਸਲ ਦੀਨਾਨਗਰ ਦੀ ਹਦੂਦ ‘ਚ ਅਣ-ਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ
ਦੀਨਾਨਗਰ, 17 ਮਾਰਚ 2025 (ਦੀ ਪੰਜਾਬ ਵਾਇਰ)– ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਅਤੇ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ. ਵੱਲੋਂ ਅੱਜ ਨਗਰ ਕੌਂਸਲ ਦਫ਼ਤਰ ਦੀਨਾਨਗਰ ਅਤੇ ਰੈਣ ਬਸੇਰਾ ਦੀਨਾਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਗਰ ਕੌਂਸਲ ਦਫ਼ਤਰ ਦੀਨਾਨਗਰ ਦਾ ਸਟਾਫ਼ ਹਾਜ਼ਰ ਪਾਇਆ ਗਿਆ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਦਫ਼ਤਰੀ ਰਿਕਾਰਡ ਚੈੱਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕੌਂਸਲ ਦੇ ਦਫ਼ਤਰ ਵਿੱਚ ਮੌਜੂਦ ਵਿਰਾਸਤੀ ਇਮਾਰਤਾਂ ਦੀ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਇਨ੍ਹਾਂ ਇਮਾਰਤਾਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਪਏ ਕੰਡਮ ਸਮਾਨ ਦੀ ਬੋਲੀ ਕਰਵਾ ਕੇ ਇਸ ਦੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਗਰ ਕੌਂਸਲ ਦੀ ਹਦੂਦ ਵਿੱਚ ਜੋ ਵੀ ਅਣ-ਅਧਿਕਾਰਤ ਕਲੋਨੀਆਂ ਹਨ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਬਾਰੇ ਸੁਚੇਤ ਵੀ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਲੈ ਕੇ ਆਪਣਾ ਵਿੱਤੀ ਨੁਕਸਾਨ ਨਾ ਕਰਵਾਉਣ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਦੀਨਾਨਗਰ ਸ਼ਹਿਰ ਵਿੱਚ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਫ਼ਾਈ ਕਰਮੀ ਰੋਜ਼ਾਨਾਂ ਆਪਣੀ ਬੀਟ ਵਿੱਚ ਸਫ਼ਾਈ ਕਰਨ। ਉਨ੍ਹਾਂ ਕਿਹਾ ਕਿ ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਵਿਗਿਆਨਿਕ ਢੰਗ ਨਾਲ ਕੂੜੇ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੂੜਾ ਪ੍ਰਬੰਧਨ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਨੂੰ ਜਾਰੀ ਰੱਖਿਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦਫ਼ਤਰ ਦੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਵਿੱਚ ਆ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖ਼ੱਜਲ-ਖ਼ੁਆਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ ਵੱਲੋਂ ਰੈਣ ਬਸੇਰਾ ਦੀਨਾਨਗਰ ਦਾ ਵੀ ਦੌਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕੌਂਸਲ ਅਧਿਕਾਰੀਆਂ ਨੂੰ ਰੈਣ-ਬਸੇਰਾ ਵਿੱਚ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਅਤੇ ਸਾਫ਼-ਸਫ਼ਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ।