ਪੰਜਾਬ

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ
  • PublishedMarch 19, 2025

ਚੰਡੀਗੜ੍ਹ, 19 ਮਾਰਚ, 2025 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।

ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Written By
The Punjab Wire