ਗੁਰਦਾਸਪੁਰ ਪੰਜਾਬ

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਉਮੀਦ ਤਹਿਤ ਨੌਜਵਾਨਾਂ ‘ਚ ਜਗਾਈ ਨਵੀਂ ਉਮੀਦ

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਉਮੀਦ ਤਹਿਤ ਨੌਜਵਾਨਾਂ ‘ਚ ਜਗਾਈ ਨਵੀਂ ਉਮੀਦ
  • PublishedMarch 21, 2025

ਨੌਜਵਾਨਾਂ ਲਈ ਆਈ.ਏ.ਐੱਸ, ਆਈ.ਪੀ.ਐੱਸ. ਤੇ ਪੀ.ਸੀ.ਐੱਸ. ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਏ.ਡੀ.ਸੀ. ਡਾ. ਬੇਦੀ ਅਤੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਸਿਵਲ ਸਰਵਿਸਿਜ਼ ਦੀਆਂ ਕੋਚਿੰਗ ਕਲਾਸਾਂ ਦਾ ਕੀਤਾ ਉਦਘਾਟਨ

ਗੁਰਦਾਸਪੁਰ, 21 ਮਾਰਚ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੋਂ ਇਲਾਵਾ ਉਨ੍ਹਾਂ ਲਈ ਰੁਜ਼ਗਾਰ ਦੇ ਵੱਖ-ਵੱਖ ਮੌਕੇ ਉਪਲਬਧ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਸਦਕਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਮਿਸ਼ਨ ‘ਉਮੀਦ’ ਤਹਿਤ ਨੌਜਵਾਨਾਂ ਲਈ ਨਵੀਂ ਉਮੀਦ ਜਗਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਮਿਸ਼ਨ ਉਮੀਦ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਨੌਜਵਾਨਾਂ ਲੜਕੇ, ਲੜਕੀਆਂ ਲਈ ਆਈ.ਏ.ਐੱਸ, ਆਈ.ਪੀ.ਐੱਸ. ਤੇ ਪੀ.ਸੀ.ਐੱਸ. ਦੀ ਮੁਫ਼ਤ ਕੋਚਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਮੁਫ਼ਤ ਕੋਚਿੰਗ ਕਲਾਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ, ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਸ਼ਰਮਾ, ਚੇਤਨ ਭਾਰਤ ਲਰਨਿੰਗ ਸੰਸਥਾ ਦੇ ਬਾਨੀ ਅਤੇ ਐੱਮ.ਡੀ. ਸ੍ਰੀ ਚੇਤਨ ਭਾਰਤ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੁਫ਼ਤ ਕੋਚਿੰਗ ਕਲਾਸ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਉਮੀਦ ਤਹਿਤ ਨੌਜਵਾਨਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਚਿੰਗ ਕਲਾਸਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਲੱਗਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਇਸ ਮੁਫ਼ਤ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਨੇ ਕਿਹਾ ਕਿ ਮੁਫ਼ਤ ਕੋਚਿੰਗ ਕਲਾਸਾਂ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਅੱਗੇ ਵੱਧਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਚਿੰਗ ਕਲਾਸਾਂ ਸ਼ੁਰੂ ਕਰਕੇ ਨੌਜਵਾਨਾਂ ਨੂੰ ਸਹੀ ਮਾਰਗਦਰਸ਼ਨ ਦੇਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਰਪਣ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਇਹ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਫ਼ਤ ਕੋਚਿੰਗ ਕਲਾਸਾਂ ਲਈ ਚੰਡੀਗੜ੍ਹ ਸਥਿਤ ਉੱਤਰ ਭਾਰਤ ਦੀ ਨਾਮੀ ਕੋਚਿੰਗ ਸੰਸਥਾ ਚੇਤਨ ਭਾਰਤ ਲਰਨਿੰਗ ਨਾਲ ਸਮਝੌਤਾ ਕੀਤਾ ਹੈ ਜਿਨ੍ਹਾਂ ਦੇ ਮਾਹਿਰ ਅਧਿਆਪਕਾਂ ਵੱਲੋਂ ਨੌਜਵਾਨਾਂ ਨੂੰ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਚੇਤਨ ਭਾਰਤ ਲਰਨਿੰਗ ਸੰਸਥਾ ਤੋਂ ਕੋਚਿੰਗ ਲੈ ਕੇ ਹੁਣ ਤੱਕ 25 ਆਈ.ਏ.ਐੱਸ., ਆਈ.ਪੀ.ਐੱਸ., 35 ਪੀ.ਸੀ.ਐੱਸ. ਅਤੇ 30 ਪੀ.ਪੀ.ਐੱਸ. ਅਧਿਕਾਰੀ ਬਣ ਚੁੱਕੇ ਹਨ ਅਤੇ ਇਸ ਕੋਚਿੰਗ ਸੰਸਥਾ ਦਾ ਸਿਵਲ ਸਰਵਿਸਿਜ਼ ਪ੍ਰੀਖਿਆ ਦੀ ਤਿਆਰੀ ਵਿੱਚ ਵੱਡਾ ਤਜ਼ਰਬਾ ਹੈ।

ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਸਾਡੇ ਜ਼ਿਲ੍ਹੇ ਦੇ ਨੌਜਵਾਨ ਲੜਕੇ/ਲੜਕੀਆਂ ਪ੍ਰਸ਼ਾਸਨਿਕ ਇਮਤਿਹਾਨਾਂ ਦੀ ਤਿਆਰੀ ਕਰਕੇ ਉੱਚ ਅਹੁਦੇ ਹਾਸਲ ਕਰਕੇ ਆਪਣੇ ਮਾਪਿਆਂ, ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕਰਨ। ਡਾ. ਬੇਦੀ ਨੇ ਕਿਹਾ ਕਿ ਮਿਸ਼ਨ ਉਮੀਦ ਤਹਿਤ ਇਹ ਕੋਚਿੰਗ ਕਲਾਸਾਂ ਨੌਜਵਾਨਾਂ ਦੀ ਉਮੀਦ ਜ਼ਰੂਰ ਪੂਰੀ ਕਰੇਗੀ ਅਤੇ ਨੌਜਵਾਨ ਇੱਥੋਂ ਕੋਚਿੰਗ ਲੈ ਕੇ ਉੱਚ ਅਹੁਦਿਆਂ ਉੱਪਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀ ਕੋਚਿੰਗ ਬਿਲਕੁਲ ਮੁਫ਼ਤ ਹੋਵੇਗੀ।

ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ ਨੇ ਵੀ ਮੁਫ਼ਤ ਕੋਚਿੰਗ ਕਲਾਸਾਂ ਲਗਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਅੱਗੇ ਵੱਧਣ ਦੇ ਬੇਸ਼ੁਮਾਰ ਮੌਕੇ ਹਨ ਬੱਸ ਉਨ੍ਹਾਂ ਮੌਕਿਆਂ ਨੂੰ ਹਾਸਲ ਕਰਨ ਲਈ ਚੰਗੀ ਤਿਆਰੀ ਅਤੇ ਮਿਹਨਤ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਸਬੰਧੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਜਾਂ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire