ਗੁਰਦਾਸਪੁਰ

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ – ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ – ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ
  • PublishedMarch 21, 2025



ਜ਼ਿਲ੍ਹਾ ਪ੍ਰਸ਼ਾਸਨ ਨੇ ਲੜਕੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਦੇ ਲੋਗੋ ਵਾਲੀਆਂ ਮੁਫ਼ਤ ਕਿੱਟਾਂ ਵੰਡੀਆਂ



ਗੁਰਦਾਸਪੁਰ, 21 ਮਾਰਚ 2025 (ਦੀ ਪੰਜਾਬ ਵਾਇਰ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਵੀ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਬੇਹਾਲੀ, ਗੁਰਦਾਸਪੁਰ ਅਤੇ ਗਾਹਲੜ੍ਹੀ ਦੀਆਂ ਵਿਦਿਆਰਥਣਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਮਨਜੀਤ ਸਿੰਘ ਰਾਜਲਾ, ਜੀ.ਏ. ਅਦਿੱਤਿਆ ਗੁਪਤਾ, ਡੀ.ਈ.ਓ. ਰਜੇਸ਼ ਸ਼ਰਮਾ ਵੀ ਹਾਜ਼ਰ ਸਨ।

ਸਕੂਲੀ ਵਿਦਿਆਰਥਣਾਂ ਨਾਲ ਗੱਲਬਾਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਲੜਕੀਆਂ ਨੂੰ ਵੀ ਮੋਹਰੀ ਹੋ ਕੇ ਆਪਣਾ ਰੋਲ ਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਲਈ ਮਿਸ਼ਨ ਉਮੀਦ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰਾਂ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਸਮੇਤ ਸਾਰੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਸਾਥ ਦੇਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਲੋਗੋ ਵਾਲੀਆਂ ਟੀ-ਸ਼ਰਟਾਂ ਵੀ ਵੰਡੀਆਂ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਾ ਸਾਥ ਦੇਣਗੀਆਂ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੀਆਂ।

Written By
The Punjab Wire