ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕਰਕੇ ਸਕੂਲਾਂ ਦੀ ਨੁਹਾਰ ਬਦਲੀ – ਰਮਨ ਬਹਿਲ
ਗੁਰਦਾਸਪੁਰ, 22 ਮਾਰਚ 2025 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਪੂਰੋਵਾਲ ਜੱਟਾਂ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਇਰਾ ਮੁੱਖ ਅਧਿਆਪਕ, ਸਰਕਾਰੀ ਹਾਈ ਸਮਾਰਟ ਸਕੂਲ ਪੂਰੋਵਾਲ ਜੱਟਾਂ, ਸਰਪੰਚ ਗੁਰਨਾਮ ਸਿੰਘ ਪੂਰੋਵਾਲ ਜੱਟਾਂ ਅਤੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਪ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਦੀ ਹੈ ਅਤੇ ਏਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਨਵੀਂ ਸਿੱਖਿਆ ਕ੍ਰਾਂਤੀ ਲਿਆ ਕੇ ਸਹੂਲਤਾਂ ਦੇ ਪੱਖ ਤੋਂ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਕੰਪਿਊਟਰ ਲੈਬ, ਹੈੱਡ ਰੂਮ, ਡਾਇਨਿੰਗ ਏਰੀਆ, ਲਾਇਬ੍ਰੇਰੀ, ਸਾਫ਼ ਤੇ ਸ਼ੁੱਧ ਪਾਣੀ ਲਈ ਆਰ.ਓ. ਸਿਸਟਮ, ਚਾਰ ਦੀਵਾਰੀ, ਮੁੱਖ ਪ੍ਰਵੇਸ਼ ਦੁਵਾਰ, ਖੇਡ ਮੈਦਾਨ, ਗਰਲਜ਼ ਟਾਇਲਟ ਅਤੇ ਪ੍ਰੀ ਪ੍ਰਾਇਮਰੀ ਟਾਇਲਟ ਯੂਨਿਟ ਪ੍ਰੋਜੈਕਟਾਂ ਰਾਹੀਂ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 98 ਫੀਸਦੀ ਸਕੂਲਾਂ ਵਿਚ ਚਾਰਦੀਵਾਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 6200 ਨਵੇਂ ਕਲਾਸ ਰੂਮ ਦੀ ਉਸਾਰੀ ਕਰਵਾਈ ਗਈ ਹੈ ਅਤੇ 4700 ਕਲਾਸ ਰੂਮਾਂ ਦਾ ਨਵੀਨੀਕਰਨ ਕੀਤਾ ਗਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਆਪਣੇ ਹਲਕੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨਾ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਦੇ ਪੱਖ ਤੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਕੂਲ ਸੂਬੇ ਭਰ ਵਿਚੋਂ ਮੋਹਰੀ ਹੋਣਗੇ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਕੋਸ਼ਿਸ਼ ਕਰਕੇ ਗੁਰਦਾਸਪੁਰ ਵਿਖੇ ਸਕੂਲ ਆਫ਼ ਐਮੀਂਨੈਂਸ ਵੀ ਸ਼ੁਰੂ ਕਰਵਾਇਆ ਹੈ ਜਿਸ ਵਿੱਚ ਵਿਦਿਆਰਥੀ ਉੱਚ ਮਿਆਰੀ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚੇ ਸਾਡਾ ਆਉਣ ਵਾਲਾ ਭਵਿੱਖ ਹਨ ਅਤੇ ਇਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।