ਰਮਨ ਬਹਿਲ ਨੇ ਸਿਹਤ ਖੇਤਰ ਲਈ ਬਜਟ ਵਿੱਚ 10 ਫੀਸਦੀ ਵਾਧਾ ਕਰਨ ਲਈ ਵਿੱਤ ਮੰਤਰੀ ਦੀ ਕੀਤੀ ਸ਼ਲਾਘਾ
ਗੁਰਦਾਸਪੁਰ, 26 ਮਾਰਚ 2025 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਅਤੇ ਲੋਕ ਪੱਖੀ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਨਾਲ ਹਰ ਖੇਤਰ ਨੂੰ ਉਤਸ਼ਾਹਤ ਕੀਤਾ ਗਿਆ ਹੈ।
ਸੂਬੇ ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਬਜਟ ਵਿੱਚ ਸਿਹਤ ਵਿਭਾਗ ਲਈ ਸਾਲ 2025-26 ਲਈ ਕੁੱਲ 5598 ਕੋਰੜ ਰੁਪਏ ਦਾ ਪ੍ਰਬੰਧ ਕੀਤਾ ਹੈ ਜੋ ਮੌਜੂਦਾ ਸਾਲ ਤੋਂ 10 ਫੀਸਦੀ ਵੱਧ ਹੈ। ਉਨ੍ਹਾਂ ਦੱਸਿਆ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਅਗਾਮੀ ਸਾਲ ਵਿੱਚ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਬੀਮਾ ਕਵਰ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਰਾਜ ਸਰਕਾਰ ਨੇ ਬਜਟ ਵਿੱਚ 778 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ। ਸ੍ਰੀ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਫਰਿਸ਼ਤੇ ਸਕੀਮ ਲਈ 10 ਕੋਰੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਲਈ 268 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ ਗਈ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਨੇ ਅਗਲੇ ਦੋ ਸਾਲਾਂ ਵਿੱਚ ਰਾਜ ਦੇ ਸਾਰੇ 12,581 ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਵਿਸਤ੍ਰਿਤ ਪੈਕੇਜ ਪੇਸ਼ ਕੀਤਾ ਹੈ। “ਬਦਲਦੇ ਪਿੰਡ, ਬਦਲਦਾ ਪੰਜਾਬ” ਨਾਅਰੇ ਅਧੀਨ ਪੰਜਾਬ ਦੇ ਪਿੰਡਾਂ ਵਿਚਲੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ-ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨਾ, ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲ਼ਾਂ ਨੂੰ ਬਹਾਲ ਕਰਨਾ, ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟਰੀਟ ਲਾਈਟਾਂ ਲਗਾਉਣ ‘ਤੇ ਧਿਆਂਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਾਰਜਾਂ ਲਈ ਬਜਟ ਵਿੱਚ ਕੁੱਲ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਕੁੱਲ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਕਰਨ ਜਾ ਰਹੀ ਹੈ। ਵਿੱਤੀ ਸਾਲ 2025-26 ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਪੇਸ਼ ਕੀਤੇ ਗਏ ਬਜਟ ‘ਚ ਵਿੱਤੀ ਸਾਲ 2025-2026 ਦੌਰਾਨ ਪੰਜਾਬ ਮਿਉਂਸੀਪਲ ਡਿਵੈਲਪਮੈਂਟ ਫੰਡ ਲਈ 225 ਕਰੋੜ ਅਤੇ ਪੀ.ਐਮ.ਐਸ.ਆਈ.ਪੀ. ਲਈ 300 ਕਰੋੜ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 166 ਕਸਬਿਆਂ ‘ਚ ਰਹਿੰਦੀ ਸੂਬੇ ਦੀ ਲੱਗਭੱਗ 40 ਫੀਸਦੀ ਆਬਾਦੀ ਸ਼ਹਿਰੀ ਲਈ ਨਗਰਪਾਲਿਕਾ ਸੇਵਾਵਾਂ ਵਿਜੇ ਸਫਾਈ, ਪਾਣੀ ਦੀ ਸਪਲਾਈ, ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਆਦਿ ‘ਚ ਵੱਡੇ ਸੁਧਾਰ ਕੀਤੇ ਜਾਣਗੇ।
ਉਦਯੋਗਾਂ ਦੀ ਤਰੱਕੀ ਲਈ ਚੁੱਕੇ ਕਦਮਾਂ ਅਤੇ ਨਵੀਂ ਉਦਯੋਗਿਕ ਨੀਤੀ ਲਿਆਉਣ ਦਾ ਐਲਾਨ ਕਰਨ ਲਈ ਵੀ ਸ੍ਰੀ ਰਮਨ ਬਹਿਲ ਨੇ ਵਿੱਤ ਮੰਤਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਯਤਨਾਂ ਨਾਲ ਜਿੱਥੇ ਛੋਟੇ-ਵੱਡੇ ਨਵੇਂ ਕਾਰੋਬਾਰਾਂ ਦੇ ਵਧਣ-ਫੁੱਲਣ ਵਾਸਤੇ ਜ਼ਮੀਨ ਤਿਆਰ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਹੋਰ ਮਿਆਰੀ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਬਜਟ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਵੀ ਵਿਸ਼ੇਸ਼ ਯਤਨ ਕੀਤੇ ਗਏ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕਿਹਾ ਕਿ ਵਿੱਤ ਮੰਤਰੀ ਨੇ ਬਜਟ ਦੌਰਾਨ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਰਾਹੀਂ 31 ਮਾਰਚ 2020 ਤੱਕ ਲਏ ਗਏ ਕਰਜ਼ਿਆਂ ਦੀ ਪੂਰੀ ਮੁਆਫ਼ੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ 4,650 ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਕਰਜ਼ਿਆਂ ਦੀ ਮਾਰ ਤਹਿਤ ਆਏ ਹੋਏ ਪੀੜਤ ਪਰਿਵਾਰਾਂ ਨੂੰ ਦੁਬਾਰਾ ਆਪਣੇ ਪੈਰਾਂ ‘ਤੇ ਖੜ੍ਹਨ ਵਿੱਚ ਸਹਾਇਕ ਸਾਬਤ ਹੋਵੇਗਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੀ ਤਰੱਕੀ, ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਵਧਾਏਗਾ ਅਤੇ ਪੰਜਾਬ ਦੇ ਲੋਕਾਂ ਨੂੰ ਖੁਸ਼ਹਾਲ ਅਤੇ ਆਤਮਨਿਰਭਰ ਬਣਾਉਣ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ।