ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ
  • PublishedAugust 23, 2026

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ

ਚੰਡੀਗੜ੍ਹ, 23 ਅਗਸਤ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।

 ਸ੍ਰੀ ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36,792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ ਅਤੇ ਬਾਕੀ 19792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈI

ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬਹੁਤ ਪਰਿਵਾਰ ਢੁੱਕਵੀਆਂ ਰਿਹਾਇਸ਼ੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਇਹ ਅੰਕੜੇ ਅਜਿਹੇ ਪਰਿਵਾਰਾਂ ਨੂੰ ਪੱਕੇ ਘਰ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਘਰ ਬਣਾਉਣਾ ਨਹੀਂ ਸਗੋਂ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨਾ ਵੀ ਹੈ।

ਸ੍ਰੀ ਸੌਂਦ ਨੇ ਅੱਗੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਤਹਿਤ 30,000 ਨੁਕਸਾਨੇ ਗਏ ਘਰਾਂ ਦੀ ਮੁੜ -ਉਸਾਰੀ ਅਤੇ ਮੁਰੰਮਤ ਦਾ ਟੀਚਾ ਰੱਖਿਆ ਗਿਆ ਸੀ।  ਉਨ੍ਹਾਂ ਦੱਸਿਆ ਕਿ ਹੁਣ ਤੱਕ 28,020 ਘਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦੋਂ ਕਿ ਵਿੱਤੀ ਸਹਾਇਤਾ ਵਜੋਂ ਪਹਿਲੀ ਅਤੇ ਦੂਜੀ ਕਿਸ਼ਤ, ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ ।

ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਦੀਆਂ ਰਿਹਾਇਸ਼ੀ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਪਰਿਵਾਰਾਂ ਦੇ ਜੀਵਨ ਵਿੱਚ ਸਾਕਾਰਾਤਮਕ ਤਬਦੀਲੀ ਲਿਆਉਣਾ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮਿਲੇ ਅਤੇ  ਸਰੋਤਾਂ ਦੀ ਘਾਟ ਕਾਰਨ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਅਸਰ ਲਾਭਪਾਤਰੀਆਂ ਦੇ ਜੀਵਨ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਕਲਾਂ ਦੇ ਵਸਨੀਕ ਅਤੇ ਪੇਂਡੂ ਰਿਹਾਇਸ਼ੀ ਯੋਜਨਾ ਦੇ ਲਾਭਪਾਤਰੀ, ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਕੱਚੇ ਘਰ ਵਿੱਚ ਰਹਿ ਰਿਹਾ ਸੀ। ਬਰਸਾਤੀ ਮੌਸਮ ਦੌਰਾਨ ਅਕਸਰ ਘਰ ਵਿੱਚ ਪਾਣੀ ਵੜ ਜਾਂਦਾ ਸੀI ਮਕਾਨ ਦੀਆਂ ਕੰਧਾਂ ਅਤੇ ਛੱਤਾਂ ਦੀ ਖਸਤਾ ਹਾਲਤ ਕਾਰਨ ਪਰਿਵਾਰ ਲਈ ਉੱਥੇ ਸੁਰੱਖਿਅਤ ਢੰਗ ਨਾਲ ਰਹਿਣਾ ਬਹੁਤ ਔਖਾ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਮਿਲੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੱਕੇ ਘਰ ਵਿੱਚ ਰਹਿਣ ਦੇ ਯੋਗ ਬਣਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਢੁੱਕਵਾਂ ਰਿਹਾਇਸ਼ੀ ਮਾਹੌਲ ਅਤੇ ਰਾਹਤ ਮਿਲੀ ਹੈ।

Written By
The Punjab Wire