Close

Recent Posts

ਪੰਜਾਬ

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ
  • PublishedAugust 24, 2026

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਤੇ ਪੰਜਾਬ ਸਰਕਾਰ ਦੇ ਖਰਚੇ ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਰਕਾਰੀ ਫ਼ੰਡਾਂ ਦੀ ਵਰਤੋਂ ਬਹੁਤ ਹੀ ਸਹੀ ਅਤੇ ਨਿਪੁੰਨ ਢੰਗ ਨਾਲ ਕਰ ਰਹੀ ਹੈ।

ਇੱਕ ਵੀਡੀਓ ਸੰਦੇਸ਼ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਸਰਕਾਰੀ ਪੈਸੇ ਨੂੰ ਅਜਿਹੇ ਉਪਰਾਲਿਆਂ ਲਈ ਸਾਰਥਕ ਢੰਗ ਨਾਲ ਵਰਤਣ ਲਈ ਵਚਨਬੱਧ ਹੈ ਜੋ ਸੂਬੇ ਦੇ ਵਿਰਸੇ ਨੂੰ ਸੰਭਾਲਦੇ ਹਨ ਅਤੇ ਨਵੀਂ ਪੀੜ੍ਹੀ ਦਾ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨਾਲ ਜੋੜ ਮਜ਼ਬੂਤ ਕਰਦੇ ਹਨ। ਅਸੀਂ ਜਨਤਾ ਦੇ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ; ਅਸੀਂ ਆਪਣੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਅਤੇ ਸਾਡੇ ਗੁਰੂਆਂ ਅਤੇ ਸੰਤਾਂ ਵੱਲੋਂ ਗੁਰਬਾਣੀ ਅਤੇ ਰੂਹਾਨੀ ਸਿੱਖਿਆਵਾਂ ਰਾਹੀਂ ਦਿੱਤੇ ਉਪਦੇਸ਼ਾਂ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ।”

ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਸੀ। ਇਹਨਾਂ ਪ੍ਰੋਗਰਾਮਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਨਵੀਂ ਪੀੜ੍ਹੀ ਨੌਵੇਂ ਸਿੱਖ ਗੁਰੂ ਜੀ ਦੀ ਮਹਾਨ ਸ਼ਹਾਦਤ ਅਤੇ ਸੰਦੇਸ਼ ਨੂੰ ਸਮਝੇ ਅਤੇ ਪੰਜਾਬ ਦੇ ਸ਼ਾਨਦਾਰ ਧਾਰਮਿਕ ਵਿਰਸੇ ਨਾਲ ਜੁੜੀ ਰਹੇ।

ਇਸੇ ਤਰ੍ਹਾਂ ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਹਮਾਰੇ ਰਾਮ ਵਰਗੇ ਪ੍ਰੋਗਰਾਮਾਂ ਦਾ ਉਦੇਸ਼ ਵੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣਾ ਹੈ।”

ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਤੀਰਥ ਯਾਤਰਾ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਬਜ਼ੁਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਹੀਆਂ ਹਨ। “ਬਹੁਤ ਸਾਰੇ ਬਜ਼ੁਰਗਾਂ ਅਤੇ ਵਿੱਤੀ ਤੌਰ ਤੇ ਪੱਛੜੇ ਪਰਿਵਾਰਾਂ ਦੀ ਅਜਿਹੀਆਂ ਤੀਰਥ ਯਾਤਰਾਵਾਂ ਕਰਨ ਦੀ ਡੂੰਘੀ ਤਮੰਨਾ ਹੁੰਦੀ ਹੈ, ਪਰ ਆਰਥਿਕ ਤੰਗੀ ਜਾਂ ਉਮਰ ਦੇ ਕਾਰਨ ਉਹ ਅਜਿਹਾ ਕਰਨ ਵਿੱਚ ਅਸਮਰੱਥ ਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦੇ ਰਹੀ ਹੈ ਜਿਨ੍ਹਾਂ ਨੂੰ ਉਹ ਲੰਬੇ ਸਮੇਂ ਤੋਂ ਦੇਖਣਾ ਚਾਹੁੰਦੇ ਸਨ।”

ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਵਿਰੋਧ ਕਰਨਾ ਪਾਰਟੀ ਦੀ ਆਮ ਪੰਜਾਬੀਆਂ ਦੀਆਂ ਆਸਾਂ ਅਤੇ ਭਾਵਨਾਵਾਂ ਨਾਲੋਂ ਟੁੱਟੇ ਹੋਣ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ, “ਕਾਂਗਰਸੀ ਆਗੂ ਅਜਿਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਨ ਦੀ ਬਜਾਏ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਜਿਨ੍ਹਾਂ ਨੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਦੇ ਧਰਮ ਅਤੇ ਵਿਰਸੇ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।”

ਉਨ੍ਹਾਂ ਕਿਹਾ “ਅਜਿਹੇ ਲੋਕ-ਪੱਖੀ ਉਪਰਾਲਿਆਂ ਦਾ ਵਿਰੋਧ ਕਰਨਾ ਕਾਂਗਰਸ ਦੀ ਮਾੜੀ ਮਾਨਸਿਕਤਾ ਅਤੇ ਆਮ ਪੰਜਾਬੀਆਂ ਦੀਆਂ ਆਸਾਂ ਅਤੇ ਭਾਵਨਾਵਾਂ ਨਾਲੋਂ ਉਸ ਦੇ ਨਿਖੇੜੇ ਨੂੰ ਦਰਸਾਉਂਦਾ ਹੈ। ਇਹਨਾਂ ਪਹਿਲਕਦਮੀਆਂ ਦੀ ਸ਼ਲਾਘਾ ਕਰਨ ਦੀ ਬਜਾਏ, ਕਾਂਗਰਸੀ ਆਗੂ ਸਿਆਸੀ ਕਾਰਨਾਂ ਕਰਕੇ ਇਹਨਾਂ ਦੀ ਆਲੋਚਨਾ ਕਰਨ ਦਾ ਰਾਹ ਚੁਣ ਰਹੇ ਹਨ,”

ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਅਜਿਹੇ ਉਪਰਾਲਿਆਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਜੋ ਨਵੀਂ ਪੀੜ੍ਹੀ ਅਤੇ ਪੰਜਾਬ ਦੇ ਸ਼ਾਨਦਾਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਰੂਹਾਨੀ ਵਿਰਾਸਤ ਨੂੰ ਉਤਸ਼ਾਹਿਤ ਕਰਦੇ ਹੋਏ ਸਾਰੇ ਭਾਈਚਾਰਿਆਂ ਦੇ ਲੋਕਾਂ ਦੇ ਵਿਸ਼ਵਾਸ, ਪਰੰਪਰਾਵਾਂ ਅਤੇ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਜਾਰੀ ਰੱਖੇਗੀ।”

Written By
The Punjab Wire