ਗੁਰਦਾਸਪੁਰ

ਰਮਨ ਬਹਿਲ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

ਰਮਨ ਬਹਿਲ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ
  • PublishedAugust 24, 2026

ਕਿਹਾ-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ

ਗੁਰਦਾਸਪੁਰ, 24 ਅਗਸਤ 2026 (ਮੰਨਨ ਸੈਣੀ)– ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਪੇਂਡੂ ਖੇਡ ਮੈਦਾਨਾਂ ਦੇ ਦੂਸਰੇ ਚਰਨ ਅਧੀਨ ਗ੍ਰਾਮ ਪੰਚਾਇਤ ਅਮੀਪੁਰ, ਬਲਾਕ ਗੁਰਦਾਸਪੁਰ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਅੱਜ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਹ ਖੇਡ ਮੈਦਾਨ ਪਿੰਡ ਦੇ ਬੱਚਿਆਂ, ਨੌਜਵਾਨਾਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨਾਂ ਦੀ ਉਸਾਰੀ ਸਰਕਾਰ ਦੀ ਖੇਡ ਪੱਖੀ ਸੋਚ ਦਾ ਪ੍ਰਤੀਕ ਹੈ, ਜਿਸ ਨਾਲ ਪੇਂਡੂ ਖੇਤਰਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲਣਗੇ।

ਰਮਨ ਬਹਿਲ ਨੇ ਅੱਗੇ ਦੱਸਿਆ ਕਿ 1 ਏਕੜ ਵਿੱਚ ਉਸਾਰੇ ਗਏ ਖੇਡ ਸਟੇਡੀਅਮ ਵਿਖੇ ਵਾਲੀਬਾਲ ਕੋਰਟ, ਫੈਨਸਿੰਗ, ਟਾਇਲਟ ਬਲਾਕ, ਸਟੋਰ ਰੂਮ, 8 ਆਰ ਸੀ ਸੀ ਬੈਂਚ, 26 ਫੁੱਟ ਲਾਈਟਾਂ, 4 ਹਾਈ ਮਾਸਟ ਲਾਇਟਾਂ, ਪਾਰਕ ਨੂੰ ਪਾਣੀ ਦੀ ਸਪਲਾਈ ਅਤੇ ਗੇਟ ਆਦਿ ਦੀ ਉਸਾਰੀ ਕੀਤੀ ਗਈ ਹੈ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 3100 ਪੇਂਡੂ ਖੇਡ ਮੈਦਾਨਾਂ ਦੀ ਉਸਾਰੀ ਦਾ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਲਈ ਇੱਕ ਵੱਡੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਮਦਦ ਮਿਲੇਗੀ।

ਉਨ੍ਹਾਂ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮਾਨਯੋਗ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਪਿੰਡ ਅਮੀਪੁਰ ਦੇ ਵਸਨੀਕਾਂ ਨੂੰ ਆਧੁਨਿਕ ਖੇਡ ਮੈਦਾਨ ਮਿਲਣ ਤੇ ਵਧਾਈ ਦਿੱਤੀ ਅਤੇ ਪਿੰਡ ਵਾਸੀਆਂ ਨੂੰ ਇਸ ਦੀ ਸਾਂਭ-ਸੰਭਾਲ ਅਤੇ ਸੁਚੱਜੀ ਵਰਤੋਂ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਸ. ਦਲਜੀਤ ਸਿੰਘ ਸਰਪੰਚ ਅਮੀਪੁਰ, ਨਿਸ਼ਾਨ ਸਿੰਘ ਸਰਪੰਚ ਜੋੜ੍ਹਾ ਛੱਤਰਾ ਅਤੇ ਸਮੂਹ ਗ੍ਰਾਮ ਪੰਚਾਇਤ ਅਮੀਪੁਰ ਸਮੇਤ ਪਿੰਡ ਦੇ ਪਤਵੰਤੇ, ਨੌਜਵਾਨ, ਖਿਡਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Written By
The Punjab Wire