Close

Recent Posts

ਪੰਜਾਬ

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ
  • PublishedAugust 25, 2026

ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਹੈਲਪਡੈਸਕ ਈ-ਮੇਲ ਜਾਰੀ

ਜ਼ਿਲ੍ਹਾ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਹਰ ਯੋਗ ਵਿਦਿਆਰਥੀ ਦੀ ਸਹਾਇਤਾ ਕਰਨ ਦੇ ਨਿਰਦੇਸ਼

15 ਨਵੰਬਰ ਤੱਕ ਅਪਲਾਈ ਕਰਨ ਦੀ ਅਪੀਲ; ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ

ਚੰਡੀਗੜ੍ਹ, 25 ਅਗਸਤ 2026 (ਦੀ ਪੰਜਾਬ ਵਾਇਰ)– ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵਿੱਚ ਰੁਕਾਵਟ ਨਾ ਬਣੇ। ਉਨ੍ਹਾਂ ਸਮੂਹ ਯੋਗ ਐਸ.ਸੀ. ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਨਵੀਂ ਆਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਸਹੂਲਤ ਲਈ ਮੰਤਰੀ ਨੇ ਵਿਸ਼ੇਸ਼ ਹੈਲਪਡੈਸਕ ਈ-ਮੇਲ pms.nspqueries2026@gmail.com ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਅਪਲਾਈ ਕਰਨ ਸਮੇਂ ਆ ਰਹੀਆਂ ਤਕਨੀਕੀ ਜਾਂ ਪ੍ਰਕਿਰਿਆ ਸਬੰਧੀ ਸਮੱਸਿਆਵਾਂ ਨੂੰ ਇਸ ਈ-ਮੇਲ ਰਾਹੀਂ ਭੇਜਿਆ ਜਾ ਸਕਦਾ ਹੈ, ਜਿਨ੍ਹਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਲਈ ਪਾਰਦਰਸ਼ੀ, ਸੁਚਾਰੂ ਅਤੇ ਸੁਵਿਧਾਜਨਕ ਅਰਜ਼ੀ ਪ੍ਰਕਿਰਿਆ ਯਕੀਨੀ ਬਣਾਉਣਾ ਹੈ।

ਸਕੀਮ ਨੂੰ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾ. ਬਲਜੀਤ ਕੌਰ ਨੇ ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਨੂੰ ਸ਼ਹਿਰੀ, ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ-ਕਮ-ਸਹਾਇਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਗ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਨਲਾਈਨ ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ ਤੇ ਸਹਾਇਤਾ ਪ੍ਰਦਾਨ ਕਰਨ ਅਤੇ ਮੁਹਿੰਮ ਦੀ ਨਿਗਰਾਨੀ ਕਰਨ।

ਮੰਤਰੀ ਨੇ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਡਾਇਰੈਕਟਰਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸਬੰਧਤ ਵਿੱਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਯੋਗ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ।

ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸੈਸ਼ਨ 2026-27) ਲਈ ਹੇਠ ਲਿਖਿਆ ਸਮਾਂ-ਬੱਧ ਸ਼ਡਿਊਲ ਜਾਰੀ ਕੀਤਾ ਗਿਆ ਹੈ:

ਸਕੀਮ ਦਾ ਸਮਾਂ-ਬੱਧ ਸ਼ਡਿਊਲ

– ਸਕਾਲਰਸ਼ਿਪ ਪੋਰਟਲ ਕਾਰਜਸ਼ੀਲ ਹੋਣ ਦੀ ਮਿਤੀ: 1 ਜੁਲਾਈ, 2026

– ਵਿਦਿਆਰਥੀਆਂ ਵੱਲੋਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ: 15 ਨਵੰਬਰ, 2026

– ਨੁਕਸਦਾਰ ਅਰਜ਼ੀਆਂ ਦੀ ਸੋਧ ਦੀ ਆਖਰੀ ਮਿਤੀ: 30 ਨਵੰਬਰ, 2026

– ਸੰਸਥਾ ਪੱਧਰ ਤੇ ਪੜਤਾਲ ਦੀ ਆਖਰੀ ਮਿਤੀ: 30 ਨਵੰਬਰ, 2026

DNO/SNO/MNO ਪੱਧਰ ਤੇ ਅੰਤਿਮ ਪੜਤਾਲ: 15 ਦਸੰਬਰ, 2026

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਐਸ.ਸੀ. ਵਿਦਿਆਰਥੀ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉੱਚ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਵਿਭਾਗਾਂ, ਵਿੱਦਿਅਕ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ।

Written By
The Punjab Wire