ਚੰਡੀਗੜ੍ਹ, 27 ਅਗਸਤ 2027 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁਲਾਜ਼ਮਾਂ ਵੱਲੋਂ ਅੱਜ ਕੀਤੀ ਜਾ ਰਹੀ ਸਾਮੂਹਿਕ ਮਹਾ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਟੁੱਕ ਸਪੱਸ਼ਟ ਕੀਤਾ ਹੈ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਤਿਆਰ ਹੈ, ਪਰ ਇਸ ਦੇ ਨਾਲ ਹੜਤਾਲ ਜਾਰੀ ਨਹੀਂ ਰਹਿ ਸਕਦੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ (X) ਅਕਾਊਂਟ ‘ਤੇ ਇਹ ਗੱਲ ਸਾਂਝੀ ਕਰਦਿਆਂ ਕਿਹਾ ਕਿ “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ।” ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ, “ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ।” ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਜਾਵੇਗੀ, ਪਰ ਇਹ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।
ਮੁੱਖ ਮੰਤਰੀ ਦੇ ਇਸ ਬਿਆਨ ਨੂੰ ਅੱਜ ਦੀ ਮੁਲਾਜ਼ਮ ਹੜਤਾਲ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇੱਕ ਪਾਸੇ ਮੁਲਾਜ਼ਮ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸਾਮੂਹਿਕ ਹੜਤਾਲ ‘ਤੇ ਹਨ, ਜਦਕਿ ਦੂਜੇ ਪਾਸੇ ਸਰਕਾਰ ਨੇ ਗੱਲਬਾਤ ਰਾਹੀਂ ਮਸਲਿਆਂ ਦੇ ਹੱਲ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ।
ਇਸੇ ਦੌਰਾਨ ਅੱਜ ਦੁਪਹਿਰ 1 ਵਜੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਵੀ ਹੋਣੀ ਹੈ। ਅੱਜ ਦੀ ਇਸ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਹੜਤਾਲ ਖ਼ਤਮ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਦੇ ਬਿਆਨ ਤੋਂ ਇਹ ਸੰਕੇਤ ਸਪੱਸ਼ਟ ਹੈ ਕਿ ਸਰਕਾਰ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖ ਰਹੀ ਹੈ, ਪਰ ਇਸ ਲਈ ਪਹਿਲੀ ਸ਼ਰਤ ਹੜਤਾਲ ਖ਼ਤਮ ਕਰਨਾ ਹੋਵੇਗੀ।