ਪੁਲਿਸ ਪੁੱਛਗਿੱਛ ਵਿੱਚ ਸਾਹਮਣੇ ਆਇਆ, ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ ਖੇਪ
ਗੁਰਦਾਸਪੁਰ, 30 ਅਗਸਤ 2026 (ਮੰਨਨ ਸੈਣੀ)। ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ 2.446 ਕਿੱਲੋ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਵੀ ਬਰਾਮਦ ਹੋਏ ਹਨ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਅਤੇ ਥਾਣਾ ਬਹਿਰਾਮਪੁਰ ਦੀ ਪੁਲਿਸ ਪਾਰਟੀ ਸਰਹੱਦੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਦੋ ਸ਼ੱਕੀ ਨੌਜਵਾਨ ਨਜ਼ਰ ਆਏ। ਪੁਲਿਸ ਨੂੰ ਦੇਖ ਕੇ ਇੱਕ ਨੌਜਵਾਨ ਖੇਤਾਂ ਦੇ ਰਾਹ ਫ਼ਰਾਰ ਹੋ ਗਿਆ, ਜਦਕਿ ਦੂਜੇ ਨੌਜਵਾਨ ਨਿਸ਼ਾਨ ਸਿੰਘ ਉਰਫ਼ ਸੋਨੂੰ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਤੋਂ 2 ਕਿੱਲੋ 184 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਮੈਗਜ਼ੀਨ ਅਤੇ 4 ਜਿਉਂਦੇ ਕਾਰਤੂਸ ਬਰਾਮਦ ਹੋਏ। ਪੁਲਿਸ ਮੁਤਾਬਕ, ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਇਹ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਸੀ। ਫ਼ਰਾਰ ਮੁਲਜ਼ਮ ਦੀ ਭਾਲ ਜਾਰੀ ਹੈ, ਜਿਸ ਨੂੰ ਛੇਤੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਪੁਲਿਸ ਨੇ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੇ ਅੱਗੇ-ਪਿੱਛੇ ਦੇ ਸਬੰਧਾਂ ਦੀ ਵੀ ਪੜਤਾਲ ਕੀਤੀ ਜਾਵੇਗੀ।
ਐਸਐਸਪੀ ਆਦਿੱਤਿਆ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿੱਚ ਧਾਰੀਵਾਲ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਚੈਕਿੰਗ ਕੀਤੀ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 262 ਗ੍ਰਾਮ ਹੈਰੋਇਨ, 5 ਹਜ਼ਾਰ ਰੁਪਏ ਡਰੱਗ ਮਨੀ, ਇੱਕ 32 ਬੋਰ ਰਿਵਾਲਵਰ ਅਤੇ 6 ਜਿਉਂਦੇ ਕਾਰਤੂਸ ਬਰਾਮਦ ਹੋਏ। ਪੁਲਿਸ ਮੁਤਾਬਕ, ਗ੍ਰਿਫ਼ਤਾਰ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਉਨ੍ਹਾਂ ਤੋਂ ਡੂੰਘੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਸਬੰਧਾਂ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ।