ਚੇਅਰਮੈਨ ਜੋਬਨ ਰੰਧਾਵਾ ਨੇ ‘ਕਲੀਨ ਪੰਜਾਬ’ ਮੁਹਿੰਮ ਤਹਿਤ ਫਤਿਹਗੜ੍ਹ ਚੂੜੀਆਂ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਲਿਆ ਸੰਕਲਪ
ਫਤਿਹਗੜ੍ਹ ਚੂੜੀਆਂ/ਬਟਾਲਾ, 30 ਅਗਸਤ (ਮੰਨਨ ਸੈਣੀ)—– ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਵੱਲੋਂ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਸਫ਼ਾਈ ਕਰਮੀਆਂ, ਕੌਂਸਲਰਾਂ ਅਤੇ ਨਾਗਰਿਕਾਂ ਨੇ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ।
ਇਸੇ ਤਹਿਤ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਫਤਿਹਗੜ੍ਹ ਚੂੜੀਆਂ ਵਿਖੇ ਸਫਾਈ ਮੁਹਿੰਮ ਚਲਾਈ ਗਈ ਅਤੇ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ।
ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਚੇਅਰਮੈਨ ਜੋਬਨ ਰੰਧਾਵਾ ਨੇ ਸ਼ਹਿਰ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।