ਬਾਜਵਾ ਨੇ ਪੰਜਾਬ ਪੁਲਿਸ ਦੇ ਪੁਨਰਗਠਨ ਦੀ ਮੰਗ ਕੀਤੀ

ਪੱਟੀ: ਕਥਿਤ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਆਪ ਆਗੂ, ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਵਾ ਰਹੇ ਹਨ: ਬਾਜਵਾ
ਚੰਡੀਗੜ੍ਹ, 5 ਅਪ੍ਰੈਲ 2025 (ਦੀ ਪੰਜਾਬ ਵਾਇਰ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਪੁਲਿਸ ‘ਤੇ ਤਿੱਖਾ ਹਮਲਾ ਕੀਤਾ ਅਤੇ ਪੰਜਾਬ ਪੁਲਿਸ ਨੂੰ ਖ਼ਤਮ ਕਰਨ ਅਤੇ ਫਿਰ ਪੁਨਰਗਠਨ ਦੀ ਜ਼ੋਰਦਾਰ ਵਕਾਲਤ ਕੀਤੀ।
ਸੁਲਤਾਨਪੁਰ ਲੋਧੀ ਵਿੱਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਪੰਜਾਬ ਪੁਲਿਸ ‘ਤੇ ਨੈਤਿਕ ਤੌਰ ‘ਤੇ ਭ੍ਰਿਸ਼ਟ ਹੋਣ ਅਤੇ ਆਪਣੀ ਜ਼ਮੀਰ ਗੁਆਉਣ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਨਸ਼ਾ ਤਸਕਰੀ ਸਮੇਤ ਕੋਈ ਵੀ ਅਪਰਾਧ ਪੁਲਿਸ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਸਬੀਰ ਸਿੰਘ ਡਿੰਪਾ, ਸੁਖਪਾਲ ਸਿੰਘ ਖਹਿਰਾ ਅਤੇ ਕੁਲਬੀਰ ਸਿੰਘ ਜ਼ੀਰਾ ਸਮੇਤ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।
ਇਕ ਮਹਿਲਾ ਕਾਂਸਟੇਬਲ ਦੀ ਥਾਰ ‘ਚ ਹੈਰੋਇਨ ਨਾਲ ਫੜੇ ਜਾਣ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਤੋਂ ਜਾਂਚ ਦੀ ਮੰਗ ਕਰਦਿਆਂ ਬਾਜਵਾ ਨੇ ਦੋਸ਼ ਲਾਇਆ ਕਿ ਉਸ ਦੇ ਆਮ ਆਦਮੀ ਪਾਰਟੀ ਦੇ ਦੋ ਮੰਤਰੀਆਂ ਅਤੇ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸਬੰਧ ਹਨ। ਉਨ੍ਹਾਂ ਕਿਹਾ ਕਿ ਹਰ ਕੋਈ, ਜੋ ਇਸ ਗੱਠਜੋੜ ਦਾ ਹਿੱਸਾ ਹੈ, ਦਾ ਪਰਦਾ ਫਾਸ਼ ਹੋਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ਸਿਰਫ਼ ਮਾਮਲੇ ਨੂੰ ਦਬਾਉਣ ਦਾ ਕੰਮ ਕਰੇਗੀ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਹਿ-ਇੰਚਾਰਜ ਸਤੇਂਦਰ ਜੈਨ ‘ਤੇ ਨਿਸ਼ਾਨਾ ਸਾਧਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਲੋਕਾਂ ਨੂੰ ਦਿੱਤੀ ਗਈ ਹੈ ਜੋ ਕਥਿਤ ਦਿੱਲੀ ਸ਼ਰਾਬ ਘੁਟਾਲੇ ‘ਚ ਸ਼ਾਮਲ ਹੋਣ ਕਾਰਨ ਤਿਹਾੜ ਜੇਲ੍ਹ ਗਏ ਹਨ।
ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਖ਼ੁਦ ਸ਼ਰਾਬੀ ਹਨ, ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾ ਰਹੇ ਹਨ। ਸਾਲ 2019 ‘ਚ ਬਰਨਾਲਾ ‘ਚ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸ਼ਰਾਬ ਵਿਰੁੱਧ ਆਪਣੀ ਮਾਂ ਦੀ ਸਹੁੰ ਚੁਕਾਈ ਸੀ ਪਰ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਵਿਅਰਥ ਗਈਆਂ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੁਲਿਸ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। ‘ਆਪ’ ਅਧੀਨ ਪੁਲਿਸ ਨੇ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਵਿੱਚ ਸ਼ਾਮਲ ਸੀ। ‘ਆਪ’ ਨੇ ਕਿਸਾਨਾਂ ਦੀ ਪਿੱਠ ‘ਤੇ ਚਾਕੂ ਮਾਰਿਆ। ਅਖੌਤੀ ਇਨਕਲਾਬੀਆਂ ਦਾ ਹੁਣ ਪਰਦਾਫਾਸ਼ ਹੋ ਗਿਆ ਹੈ।
ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਿਆਸੀ ਗੁਰੂ ਆਰਐਸਐਸ ਵਿਰੁੱਧ ਘੱਟ ਗਿਣਤੀਆਂ ਨੂੰ ਚੇਤਾਵਨੀ ਦਿੰਦਿਆਂ ਬਾਜਵਾ ਨੇ ਕਿਹਾ ਕਿ ਵਕਫ਼ ਬਿੱਲ 2025 ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ। ਭਾਜਪਾ ਵੱਲੋਂ ਘੱਟ ਗਿਣਤੀ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਜਪਾ ਅਤੇ ਆਰਐਸਐਸ ਦਾ ਭਾਰਤੀ ਸੰਵਿਧਾਨ ਨੂੰ ਖ਼ਤਮ ਦਾ ਦੁਸ਼ਟ ਇਰਾਦਾ ਹੈ। ਬਾਜਵਾ ਨੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੇ ਨਾਪਾਕ ਏਜੰਡੇ ਵਿਰੁੱਧ ਇਕੱਠੇ ਹੋਣ ਦਾ ਸੱਦਾ ਦਿੱਤਾ।