ਜੀ.ਐਸ. ਅਕੈਡਮੀ ਵਿਖੇ ਹੋਏ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਖੇਡ ਹੁਨਰ;
ਜੇਤੂ ਖਿਡਾਰੀਆਂ ਨੂੰ ਮੈਡਲ ਤੇ ਇਨਾਮ ਦੇ ਕੇ ਕੀਤਾ ਸਨਮਾਨਿਤ
ਗੁਰਦਾਸਪੁਰ, 31 ਅਗਸਤ 2026 (ਮੰਨਨ ਸੈਣੀ)। ਜ਼ਿਲ੍ਹਾ ਸਕੂਲ ਖੇਡਾਂ ਦੇ ਅੰਡਰ-19 ਬੈਡਮਿੰਟਨ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੀਨਾਨਗਰ ਦੀ ਟੀਮ ਨੂੰ ਮਾਤ ਦੇ ਕੇ ਜੇਤੂ ਰਹਿਣ ਦਾ ਮਾਣ ਹਾਸਲ ਕੀਤਾ। ਮੁਕਾਬਲੇ ਦੌਰਾਨ ਗੁਰਦਾਸਪੁਰ ਦੇ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਸ਼ਾਨਦਾਰ ਤਾਲਮੇਲ, ਫੁਰਤੀ ਅਤੇ ਖੇਡ ਤਕਨੀਕ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਜਿੱਤ ਪੱਕੀ ਕੀਤੀ।
ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਕਮੇਟੀ ਵੱਲੋਂ ਜੀ.ਐਸ. ਅਕੈਡਮੀ ਵਿਖੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੇ ਸਮਾਪਤੀ ਸਮਾਗਮ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਰਪਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਹਿਮਾਨਾਂ ਦਾ ਸਵਾਗਤ ਜੀ.ਐਸ. ਅਕੈਡਮੀ ਦੇ ਚੇਅਰਮੈਨ ਸਿਮਰਨਜੀਤ ਸਿੰਘ ਵੱਲੋਂ ਕੀਤਾ ਗਿਆ।
ਜੇਤੂ ਗੁਰਦਾਸਪੁਰ ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਜਿੱਤ ਤੋਂ ਬਾਅਦ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਵੱਲੋਂ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਾਜੀਵ ਸ਼ਰਮਾ ਨੇ ਜੇਤੂ ਟੀਮ ਦੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।
ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸਰਪਾਲ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਬੈਡਮਿੰਟਨ ਪ੍ਰਤੀ ਉਤਸ਼ਾਹ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਚ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ।
ਜੀ.ਐਸ. ਅਕੈਡਮੀ ਦੇ ਚੇਅਰਮੈਨ ਸਿਮਰਨਜੀਤ ਸਿੰਘ ਨੇ ਕਿਹਾ ਕਿ ਹਾਰ-ਜਿੱਤ ਖੇਡ ਦਾ ਅਟੁੱਟ ਹਿੱਸਾ ਹੈ ਅਤੇ ਹਰ ਖਿਡਾਰੀ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਜੇਤੂ ਗੁਰਦਾਸਪੁਰ ਟੀਮ ਨੂੰ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ ਨੇ ਸਾਰੇ ਮਹਿਮਾਨਾਂ, ਖਿਡਾਰੀਆਂ, ਕੋਚਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਕੋਚਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਗੁਰਦਾਸਪੁਰ ਦੀ ਟੀਮ ਵੱਲੋਂ ਦੀਨਾਨਗਰ ਨੂੰ ਹਰਾ ਕੇ ਜ਼ਿਲ੍ਹਾ ਪੱਧਰੀ ਖ਼ਿਤਾਬ ਆਪਣੇ ਨਾਮ ਕਰਨ ਨਾਲ ਖਿਡਾਰੀਆਂ, ਕੋਚਾਂ ਅਤੇ ਉਨ੍ਹਾਂ ਨਾਲ ਜੁੜੇ ਸਕੂਲਾਂ ਵਿੱਚ ਖੁਸ਼ੀ ਦੀ ਲਹਿਰ ਹੈ।