ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਾਤੀਸੂਚਕ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਤੇ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਾਰਵਾਈ ਕਰੇਗੀ
ਭਗਵੰਤ ਮਾਨ ਸਰਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰੇਗੀ: ਹਰਪਾਲ ਸਿੰਘ ਚੀਮਾ
ਜੇਕਰ ਜਾਂਚ ਲਈ ਲੋੜ ਪਈ ਤਾਂ ਪੰਜਾਬ ਪੁਲਿਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਤੋਂ ਵੀ ਪਿੱਛੇ ਨਹੀਂ ਹਟੇਗੀ: ਹਰਪਾਲ ਸਿੰਘ ਚੀਮਾ
ਜਾਤੀਸੂਚਕ ਜਾਂ ਰੰਗਭੇਦ ਦੀਆਂ ਟਿੱਪਣੀਆਂ ਨਾਲ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਸਿੰਘ ਚੀਮਾ
ਕਾਂਗਰਸ ਪੰਜਾਬ ਵਿੱਚ ਨਫ਼ਰਤ ਦਾ ਜ਼ਹਿਰ ਘੋਲਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਜਨਤਾ ਅਤੇ ਸਰਕਾਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 31 ਅਗਸਤ 2026 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐੱਨਸੀਐੱਸਸੀ) ਵੱਲੋਂ ਰਾਜਾ ਵੜਿੰਗ ਖ਼ਿਲਾਫ਼ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਬਾਰੇ ਬੋਲਦਿਆਂ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ, ਚਾਹੇ ਉਹ ਕਿੱਨਾ ਵੀ ਵੱਡਾ ਨੇਤਾ ਕਿਉਂ ਨਾ ਹੋਵੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਰਨਤਾਰਨ ਜਿਮਨੀ ਚੋਣ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵ. ਬੂਟਾ ਸਿੰਘ ਖ਼ਿਲਾਫ਼ ਬਹੁਤ ਹੀ ਇਤਰਾਜ਼ਯੋਗ, ਜਾਤੀਸੂਚਕ ਅਤੇ ਉਨ੍ਹਾਂ ਦੇ ਰੰਗ ਨੂੰ ਲੈ ਕੇ ਭੱਦੀ ਟਿੱਪਣੀ ਕੀਤੀ ਸੀ। ਇਹ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਸੀ, ਜਿਸ ‘ਤੇ ਅੱਜ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਉਂਦਿਆਂ ਰਾਜਾ ਵੜਿੰਗ ਖ਼ਿਲਾਫ਼ ਹੁਕਮ ਜਾਰੀ ਕੀਤੇ ਹਨ।
ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਮਿਸ਼ਨ ਦੇ ਹੁਕਮਾਂ ਦੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਾਨੂੰਨ ਮੁਤਾਬਕ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਹ ਬਿਨਾਂ ਕਿਸੇ ਦਬਾਅ ਦੇ ਕੀਤੀ ਜਾਵੇਗੀ। ਜੇਕਰ ਜਾਂਚ ਅਤੇ ਪ੍ਰਕਿਰਿਆ ਤਹਿਤ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਪਈ, ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਵੀ ਪਿੱਛੇ ਨਹੀਂ ਹਟੇਗੀ।
ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਮਾਜ ਵਿੱਚ ਰੰਗ-ਭੇਦ, ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਅਤੇ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੀ ਘਟੀਆ ਮਾਨਸਿਕਤਾ ਵਾਲੇ ਲੋਕਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਾਡੇ ਮਹਾਨ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਸ ਨੇ ਹਮੇਸ਼ਾ ਬਰਾਬਰੀ, ਭਾਈਚਾਰੇ ਅਤੇ ਇਨਸਾਨੀਅਤ ਦਾ ਸੁਨੇਹਾ ਦਿੱਤਾ ਹੈ। ਕਾਂਗਰਸ ਦੇ ਨੇਤਾ ਇੱਥੇ ਨਫ਼ਰਤ ਅਤੇ ਜ਼ਹਿਰ ਦੇ ਬੀਜ ਬੀਜਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬ ਦੀ ਜਨਤਾ ਅਤੇ ਸਾਡੀ ਸਰਕਾਰ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਕਾਨੂੰਨ ਆਪਣਾ ਕੰਮ ਕਰੇਗਾ ਅਤੇ ਦਲਿਤ ਸਮਾਜ ਦੇ ਅਪਮਾਨ ਦੇ ਦੋਸ਼ੀ ਨੂੰ ਸਜ਼ਾ ਭੁਗਤਣੀ ਹੀ ਪਵੇਗੀ।