ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਲਗਾਈ ਪਾਬੰਦੀ

ਗੁਰਦਾਸਪੁਰ 7 ਅਪ੍ਰੈਲ 2025 (ਦੀ ਪੰਜਾਬ ਵਾਇਰ)– – ਸਾਲ 2025 ਦੌਰਾਨ ਕਣਕ (ਹਾੜੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਕਟਾਈ ਉਪਰੰਤ ਕਈ ਕਿਸਾਨਾਂ ਵੱਲੋਂ ਫ਼ਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਰਕੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਜਨਤਾ ਦੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਤਾਕਤ ਵੀ ਘਟਦੀ ਹੈ। ਇਸ ਤੋਂ ਇਲਾਵਾ ਜ਼ਮੀਨ ਦੀ ਉੱਪਰਲੀ ਸਤਾ ਨੂੰ ਅੱਗ ਲਾਉਣ ਨਾਲ ਜ਼ਮੀਨ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਵੀ ਮਰ ਜਾਂਦੇ ਹਨ ਅਤੇ ਆਲੇ-ਦੁਆਲੇ ਦੇ ਖੇਤਾਂ ਵਿਚ ਖੜੀ ਫ਼ਸਲ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤਰਾਂ ਦੀ ਲਗਾਈ ਜਾਂਦੀ ਅੱਗ ਨਾਲ ਪੈਦਾ ਹੋਣ ਵਾਲੇ ਧੂੰਏ ਕਾਰਨ ਸੜਕ ਉੱਪਰ ਹਾਦਸੇ ਵਾਪਰਨ ਨਾਲ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਹੋਣ ਅਤੇ ਪਿੰਡਾਂ ਆਦਿ ਹੋਰ ਥਾਵਾਂ ਤੇ ਲੜਾਈ-ਝਗੜਾ ਹੋਣ ਦਾ ਖ਼ਦਸ਼ਾ ਵੀ ਰਹਿੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਹਰਜਿੰਦਰ ਸਿੰਘ,ਆਈ.ਏ.ਐੱਸ. ਨੇ ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 04-03-2025 ਤੋਂ 02-06-2025 ਤੱਕ ਲਾਗੂ ਰਹੇਗਾ।