ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ ਦੇ ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ ਅਤੇ ਅਸ਼ਵਨੀ ਕੁਮਾਰ ਵਾਈਸ ਚੇਅਰਮੈਨ ਬਣੇ, ਰਮਨ ਬਹਿਲ ਵੱਲੋਂ ਨਵ-ਚੁਣੀ ਪ੍ਰਬੰਧਕੀ ਕਮੇਟੀ ਨੂੰ ਵਧਾਈ
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਕਿਸਾਨੀ ਦੀ ਰੀੜ੍ਹ ਦੀ ਹੱਡੀ, ਕਿਸਾਨਾਂ ਨੂੰ ਕਰਜ਼ੇ ਦੀ ਸਹੂਲਤ ਮੁੜ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ: ਰਮਨ ਬਹਿਲ
ਗੁਰਦਾਸਪੁਰ, 2 ਸਤੰਬਰ 2026 (ਮੰਨਨ ਸੈਣੀ)– ਰਮਨ ਬਹਿਲ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ, ਜਿਸ ਨੂੰ ਆਮ ਤੌਰ ’ਤੇ ਲੈਂਡ ਮਾਰਕੀਟ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੀ ਨਵ-ਚੁਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ ਅਤੇ ਵਾਈਸ ਚੇਅਰਮੈਨ ਅਸ਼ਵਨੀ ਕੁਮਾਰ ਦੀ ਤਾਜਪੋਸ਼ੀ ਕਰਵਾਈ ਗਈ ਅਤੇ ਉਨ੍ਹਾਂ ਨੂੰ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ।
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਕਿਸਾਨੀ ਨਾਲ ਬਹੁਤ ਪੁਰਾਣਾ ਅਤੇ ਗਹਿਰਾ ਸਬੰਧ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਲੰਮੇ ਸਮੇਂ ਤੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਖੇਤੀਬਾੜੀ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ। ਅੱਜ ਬੈਂਕ ਦੀ ਪ੍ਰਬੰਧਕੀ ਕਮੇਟੀ ਦੀ ਵਿਧੀਵਤ ਚੋਣ ਹੋਣ ’ਤੇ ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਖਾਸ ਤੌਰ ’ਤੇ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਬੱਬਰੀ ਨੰਗਲ ਨੂੰ ਬੈਂਕ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਖਵਿੰਦਰ ਸਿੰਘ ਨੇ ਲੰਮਾ ਸਮਾਂ ਲੋਕ ਸੇਵਾ ਅਤੇ ਰਾਜਨੀਤੀ ਵਿੱਚ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਤਜਰਬੇ ਦਾ ਬੈਂਕ ਨੂੰ ਨਿਸ਼ਚਤ ਤੌਰ ’ਤੇ ਲਾਭ ਮਿਲੇਗਾ। ਇਸ ਤੋਂ ਇਲਾਵਾ ਅਸ਼ਵਨੀ ਕੁਮਾਰ ਨੂੰ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਪੀਰਾਬਾਗ ਦਾ ਨਾਮ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਨਾਮਜਦ ਕਰਕੇ ਭੇਜਿਆ ਗਿਆ ਹੈ ਅਤੇ ਆਉਣ ਵਾਲੀਆਂ ਮੁੱਖ ਦਫ਼ਤਰ ਦੀਆਂ ਚੋਣਾਂ ਵਿੱਚੋਂ ਉਨ੍ਹਾਂ ਵੱਲੋਂ ਗੁਰਦਾਸਪੁਰ ਦੀ ਨੁਮਾਇੰਦਗੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸ੍ਰੀ ਬਨਾਰਸੀ ਜਾਗੋਵਾਲ, ਸ੍ਰੀ ਰੁਪਿੰਦਰ ਸਿੰਘ ਪਿੰਡ ਖੋਖਰ, ਸਤਿੰਦਰ ਜੀ ਬਲਾਕ ਕਲਾਨੌਰ ਅਤੇ ਮੈਡਮ ਸਰਬਜੀਤ ਕੌਰ ਨੂੰ ਡਾਇਰੈਕਟਰ ਚੁਣਿਆ ਗਿਆ ਹੈ।
ਰਮਨ ਬਹਿਲ ਨੇ ਨਵ-ਚੁਣੀ ਪ੍ਰਬੰਧਕੀ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਸਹੂਲਤ ਕਈ ਸਾਲਾਂ ਤੋਂ ਬੰਦ ਪਈ ਹੈ। ਇਸ ਕਾਰਨ ਕਿਸਾਨਾਂ ਨੂੰ ਕਰਜ਼ਾ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਇਸ ਸਹੂਲਤ ਨੂੰ ਮੁੜ ਚਾਲੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕਰੇ ਅਤੇ ਇਸ ਸਬੰਧੀ ਲੋੜੀਂਦੇ ਮਤੇ ਪਾਸ ਕਰਕੇ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆਵੇ।
ਉਨ੍ਹਾਂ ਕਿਹਾ ਕਿ ਉਹ ਵੀ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਕੋਲ ਕਿਸਾਨੀ ਨਾਲ ਜੁੜੇ ਇਸ ਮਹੱਤਵਪੂਰਨ ਅਦਾਰੇ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਕਰਜ਼ੇ ਦੀ ਸਹੂਲਤ ਮੁੜ ਮੁਹੱਈਆ ਕਰਵਾਉਣ ਲਈ ਮਾਮਲਾ ਉਠਾਉਣਗੇ।
ਅੰਤ ਵਿੱਚ ਰਮਨ ਬਹਿਲ ਨੇ ਨਵ-ਚੁਣੀ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਨਵੀਂ ਕਮੇਟੀ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰੇਗੀ।
ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਸਰਪੰਚ ਟਿੰਕੂ ਸ਼ੇਰਗਿੱਲ , ਪਿੰਡ ਬੱਬਰੀ, ਹਨੀ ਬਹਿਲ, ਕਬੀਰ ਬਹਿਲ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਇਲਾਵਾ ਬੈਂਕ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਉਹਨਾਂ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਹਾਜ਼ਰ ਸਨ।