6 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ
ਬਟਾਲਾ, 2 ਸਤੰਬਰ 2026 (ਮੰਨਨ ਸੈਣੀ)– ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ( ਐਸ.ਆਈ.ਆਰ-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13.08.2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਸੀ। ਮਿਤੀ 13.08.2026 ਤੋਂ 12.09.2026 ਤੱਕ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ (www.voters.eci.gov.in ਅਤੇ Voter Helpline App) ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓ) ਭਰੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਐਸ.ਆਈ.ਆਰ-2026 ਦੌਰਾਨ ਆਮ ਜਨਤਾ ਅਤੇ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਗੁਰਦਾਸਪੁਰ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੀ.ਐਲ.ਓਜ਼ ਦੁਆਰਾ ਮਿਤੀ 6 ਸਤੰਬਰ 2026 (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣਗੇ।
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐਲ.ਓਜ਼ ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ‘ਤੇ ਮੌਜੂਦ ਬੀ.ਐਲ.ਓਜ਼ ਨੂੰ ਦੇਣ ਲਈ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਨੰਬਰ 1950 (ਟੋਲ ਫਰੀ) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।