ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਨੇ ਆਈ.ਜੀ.ਪੀ. ਬਾਰਡਰ ਰੇਂਜ ਵਜੋਂ ਸੰਭਾਲਿਆ ਕਾਰਜਭਾਰ
ਅੰਮ੍ਰਿਤਸਰ, 03 ਸਤੰਬਰ 2026 (ਦੀ ਪੰਜਾਬ ਵਾਇਰ)– ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਨੇ ਅੱਜ ਆਈ.ਜੀ.ਪੀ. ਬਾਰਡਰ ਰੇਂਜ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਉਹਨਾਂ ਕਿਹਾ ਬਾਰਡਰ ਰੇਂਜ ਇੱਕ ਮਹੱਤਵਪੂਰਨ ਸਰਹੱਦੀ ਖੇਤਰ ਹੋਣ ਕਰਕੇ ਇੱਥੇ ਕਾਨੂੰਨ ਵਿਵਸਥਾ, ਸਰਹੱਦੀ ਸੁਰੱਖਿਆ, ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਤਰਜੀਹ ਦਿੱਤੀ ਜਾਵੇਗੀ।
ਆਈ.ਜੀ.ਪੀ. ਬਾਰਡਰ ਰੇਂਜ ਵੱਲੋਂ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੀ ਪੁਲਿਸਿੰਗ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਸਰਹੱਦੀ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਵੇ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਾ ਕੀਤਾ ਜਾਵੇ।

ਸ੍ਰੀ ਭੁੱਲਰ ਨੇ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਬਿਹਤਰ ਤਾਲਮੇਲ ਬਣਾਉਣਾ ਵੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਕੰਮ ਕਰਨ ਲਈ ਪ੍ਰੇਰਿਤ ਕੀਤਾ ।
ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸਿੰਗ ਦੀ ਹੋਰ ਵਧੀਆ ਸੁਪਰਵੀਜ਼ਨ, ਇੰਟਰ-ਡਿਸਟ੍ਰਿਕਟ ਕੋਆਰਡੀਨੇਸ਼ਨ ਅਤੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਆਈ.ਜੀ.ਪੀ. ਬਾਰਡਰ ਰੇਂਜ ਨੇ ਸਪੱਸ਼ਟ ਕੀਤਾ ਕਿ ਸਰਹੱਦੀ ਖੇਤਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੁਲਿਸ ਵੱਲੋਂ ਪੂਰੀ ਮੁਸਤੈਦੀ ਅਤੇ ਪੇਸ਼ੇਵਰ ਢੰਗ ਨਾਲ ਡਿਊਟੀ ਨਿਭਾਈ ਜਾਵੇਗੀ।
ਇਸ ਤੋਂ ਪਹਿਲਾਂ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਵੀ ਕਈ ਅਹਿਮ ਅਹੂਦਿਆ ਤੇ ਸੇਵਾ ਨਿਭਾ ਚੁੱਕੇ ਹਨ।