Close

Recent Posts

ਗੁਰਦਾਸਪੁਰ ਪੰਜਾਬ

ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਿਸ਼ੇਸ਼ ਚੌਕਸੀ ਵਰਤੇ : ਡਿਪਟੀ ਕਮਿਸ਼ਨਰ

ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਿਸ਼ੇਸ਼ ਚੌਕਸੀ ਵਰਤੇ : ਡਿਪਟੀ ਕਮਿਸ਼ਨਰ
  • PublishedApril 11, 2025

ਡੇਂਗੂ ਲਾਰਵੇ ਦੀ ਚੈਕਿੰਗ, ਫਾਗਿੰਗ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 11 ਅਪ੍ਰੈਲ 2025 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਆਰੰਭ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਸਭ ਤੋਂ ਪਹਿਲਾਂ ਉਨ੍ਹਾਂ ਇਲਾਕਿਆਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਜਿੱਥੇ ਇਹ ਬਿਮਾਰੀਆਂ ਸਭ ਤੋਂ ਵੱਧ ਫੈਲਣ ਦਾ ਖ਼ਤਰਾ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਸਹਿਯੋਗੀ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਰਵੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਥਾਨਿਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਘਰਾਂ, ਦਫ਼ਤਰਾਂ ਜਾਂ ਕਾਰੋਬਾਰੀ ਥਾਵਾਂ ’ਤੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਤੋਂ ਲਾਰਵਾ ਮਿਲਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਲਈ ਡੇਂਗੂ ਲਾਰਵੇ ਦੀ ਚੈਕਿੰਗ ਤੇਜ਼ ਕਰਨ, ਫਾਗਿੰਗ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਮੁਹਿੰਮ ਤੇਜ਼ ਕਰਨ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਨੂੰ ਰੈਗੂਲਰ ਫੋਗਿੰਗ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਰੈਪਿਡ ਕਿੱਟਾਂ ਨਾਲ ਮਲੇਰੀਆ ਆਦਿ ਦੀ ਮੌਕੇ ‘ਤੇ ਟੈਸਟਿੰਗ ਕੀਤੀ ਜਾਵੇ ਅਤੇ ਡੇਂਗੂ ਦੀ ਪੁਸ਼ਟੀ ਲਈ ਜ਼ਿਲ੍ਹਾ ਹਸਪਤਾਲ ਵਿਖੇ ਅਲਾਈਸਾ ਟੈੱਸਟ ਦੀ ਸੁਵਿਧਾ ਬਾਰੇ ਲੋਕਾਂ ਨੂੰ ਦੱਸਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਡਰਾਈ ਡੇਅ ਤਹਿਤ ਆਪਣੇ ਘਰਾਂ ਤੇ ਕਾਰੋਬਾਰੀ ਥਾਵਾਂ ’ਤੇ ਕੂਲਰਾਂ, ਫਰਿੱਜਾਂ ਦੀ ਟਰੇਆਂ, ਗਮਲਿਆਂ ਆਦਿ ਨੂੰ ਸੁਕਾਉਣ ਤਾਂ ਜੋ ਡੇਂਗੂ ਮੱਛਰ ਐਡੀਜ ਦੀ ਪੈਦਾਵਾਰ ਰੋਕੀ ਜਾ ਸਕੇ। ਇਸਤੋਂ ਇਲਾਵਾ ਮੱਛਰ ਤੋਂ ਬਚਣ ਦੇ ਵੱਖ-ਵੱਖ ਉਪਾਅ ਕੀਤੇ ਜਾਣ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਪ੍ਰਭਜੋਤ ਕਲਸੀ ਨੇ ਦੱਸਿਆ ਕਿ ਸਮੂਹ ਆਯੂਸ਼ਮਾਨ ਅਰੋਗਿਆ ਕੇਂਦਰਾਂ ਨੂੰ ਮਲੇਰੀਆ ਜਾਂਚ ਲਈ ਆਰਡੀਟੀ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ‌ ਵਿਭਾਗ ਵੱਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਅਤੇ 16 ਮਈ ਨੂੰ ਨੈਸ਼ਨਲ ਡੇਂਗੂ ਡੇਅ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 73 ਬ੍ਰੀਡਰ ਚੈੱਕਰ ਰੱਖਣ ਦੀ ਵੀ ਤਜਵੀਜ਼ ਹੈ ਅਤੇ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 101 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਲਿਟਲ ਚੈਂਪੀਅਨ ਮੁਹਿੰਮ ਚਲਾਈ ਜਾਵੇਗੀ ।

ਸਿਵਲ ਸਰਜਨ ਡਾ. ਪ੍ਰਭਜੋਤ ਕਲਸੀ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਡੇਂਗੂ ਦੇ ਟੈਸਟ ਮੁਫ਼ਤ ਹੁੰਦੇ ਹਨ, ਇਸ ਲਈ ਲੋਕ ਅਣਗਹਿਲੀ ਬਿਲਕੁਲ ਨਾ ਕਰਨ ਅਤੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਡੇਂਗੂ ਦਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਰੋਕਣ ਲਈ ਪੰਚਾਇਤਾਂ, ਸਥਾਨਕ ਸਰਕਾਰਾਂ, ਸਿਹਤ ਵਿਭਾਗ ਅਤੇ ਆਮ ਲੋਕਾਂ ਦੇ ਸਾਂਝੇ ਹੰਭਲੇ ਦੀ ਜਰੂਰਤ ਹੈ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire