ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਥੁਰਾ-ਵ੍ਰਿੰਦਾਵਨ ਧਾਮ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 4 ਸਤੰਬਰ 2026 (ਮੰਨਨ ਸੈਣੀ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਧਿਆਨਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਮਥੁਰਾ-ਵ੍ਰਿੰਦਾਵਨ ਧਾਮ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਪਵਿੱਤਰ ਯਾਤਰਾ ਰਾਹੀਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ ਅਤੇ ਸੰਗਤਾਂ ਵਿੱਚ ਪੂਰਾ ਉਤਸ਼ਾਹ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।