ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਹੰਗਾਮਾ ਕਰਨ ਵਾਲੇ ਸਾਰੇ ਦੋਸ਼ੀਆਂ ਵਿਰੁੱਧ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਹਿੰਸਾ ਅਤੇ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ
ਦੋਸ਼ੀਆਂ ਨੂੰ ਹਸਪਤਾਲ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ : ਡਿਪਟੀ ਕਮਿਸ਼ਨਰ
ਸਾਰੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ `ਤੇ ਮੁਕੱਦਮਾ ਦਰਜ ਕੀਤਾ ਗਿਆ ਹੈ, ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ : ਐਸ.ਐਸ.ਪੀ. ਆਦਿੱਤਯ
ਗੁਰਦਾਸਪੁਰ,13 ਅਪ੍ਰੈਲ 2025 (ਦੀ ਪੰਜਾਬ ਵਾਇਰ)। ਸ਼ਨਿੱਚਰਵਾਰ ਰਾਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਆਏ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਦੌਰਾਨ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਦੇ ਕੈਬਿਨ ਦਾ ਸ਼ੀਸ਼ਾ ਵੀ ਟੁੱਟ ਗਿਆ। ਹਾਲਾਂਕਿ, ਡਾਕਟਰ ਉਸ ਸਮੇਂ ਆਪਣੇ ਕੈਬਿਨ ਵਿੱਚ ਮੌਜੂਦ ਨਹੀਂ ਸੀ। ਰਾਤ ਸਮੇਂ ਵਾਪਰੀ ਇਸ ਘਟਨਾ ਨੂੰ ਲੈ ਕੇ ਹਸਪਤਾਲ ਦੇ ਸਟਾਫ਼ ਵਿੱਚ ਡਰ ਦਾ ਮਾਹੌਲ ਹੈ। ਐਤਵਾਰ ਦੁਪਹਿਰ ਨੂੰ ਐਸਐਸਪੀ ਆਦਿਤਿਆ ਅਤੇ ਡੀਸੀ ਦਲਵਿੰਦਰਜੀਤ ਸਿੰਘ ਹਸਪਤਾਲ ਪੁੱਜੇ ਅਤੇ ਡਾਕਟਰ ਤੋਂ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਐਸਐਸਪੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮਾਮਲੇ ਵਿੱਚ ਸਿਹਤ ਮੰਤਰੀ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਸ਼ਨੀਵਾਰ ਰਾਤ ਐਮਰਜੈਂਸੀ ‘ਚ ਤਾਇਨਾਤ ਡਾਕਟਰ ਰੋਹਿਤ ਨੇ ਦੱਸਿਆ ਕਿ ਕਾਹਨੂੰਵਾਨ ਰੋਡ ‘ਤੇ ਦੋ ਗੁੱਟਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਕ ਧੜੇ ਦੇ ਅੰਮ੍ਰਿਤਪਾਲ ਸਿੰਘ ਅਤੇ ਗੁਰਿੰਦਰ ਸਿੰਘ ਜ਼ਖਮੀ ਹੋ ਗਏ ਅਤੇ ਇਲਾਜ ਲਈ ਐਮਰਜੈਂਸੀ ਵਾਰਡ ਵਿਚ ਆਏ। ਗੁਰਿੰਦਰ ਸਿੰਘ ਨੂੰ ਸਿਰ ਵਿੱਚ ਸੱਟ ਲੱਗਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਹ ਅੰਮ੍ਰਿਤਪਾਲ ਸਿੰਘ ਨੂੰ ਵਾਰਡ ਵਿੱਚ ਸ਼ਿਫਟ ਕਰਨ ਜਾ ਰਿਹਾ ਸੀ। ਇਸ ਦੌਰਾਨ ਦੂਜੇ ਗਰੁੱਪ ਦੇ ਲੋਕਾਂ ਨੇ ਉਸ ਦੇ ਕੈਬਿਨ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਅੰਦਰ ਬੈਠੇ ਲੋਕਾਂ ਨੇ ਦਰਵਾਜ਼ਾ ਬੰਦ ਕੀਤਾ ਤਾਂ ਮੁਲਜ਼ਮਾਂ ਨੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਸ਼ੀਸ਼ਾ ਟੁੱਟ ਗਿਆ। ਇਸ ਤੋਂ ਬਾਅਦ ਦੋਸ਼ੀ ਕੈਬਿਨ ‘ਚ ਦਾਖਲ ਹੋ ਗਿਆ ਅਤੇ ਦੂਜੇ ਪਾਸੇ ਦੇ ਲੋਕਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ। ਲੜਾਈ ਤੋਂ ਬਾਅਦ ਮੁਲਜ਼ਮ ਐਮਰਜੈਂਸੀ ਵਾਰਡ ਵੱਲ ਚਲੇ ਗਏ, ਜਿੱਥੇ ਦੋਵਾਂ ਧਿਰਾਂ ਵਿਚਾਲੇ ਫਿਰ ਧੱਕਾ-ਮੁੱਕੀ ਹੋਈ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਇੱਕ ਸ਼ਾਂਤਮਈ ਸਥਾਨ ਹੈ ਅਤੇ ਇਸ ਦੇ ਅਹਾਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ, ਲੜਾਈ ਜਾਂ ਭੰਨਤੋੜ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਜਾਂ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਹਸਪਤਾਲ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਕਾਰਨ ਐਤਵਾਰ ਦੁਪਹਿਰ ਨੂੰ ਐਸਐਸਪੀ ਅਤੇ ਡੀਸੀ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਲਈ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰ ਵਿਖੇ ਬੀਤੀ ਰਾਤ ਹੋਈ ਹਿੰਸਾ ਦਾ ਤੁਰੰਤ ਨੋਟਿਸ ਲੈਂਦਿਆਂ ਦੋਵਾਂ ਧਿਰਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਝਗੜਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਹਸਪਤਾਲ ਦੇ ਹੋਏ ਨੁਕਸਾਨ ਦਾ ਦਸ ਗੁਣਾ ਮੁਆਵਜ਼ਾ ਦੇਣਾ ਪਵੇਗਾ। ਇਸ ਦੌਰਾਨ ਉਨ੍ਹਾਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਤੋਂ ਘਟਨਾ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ।
ਐਸਐਸਪੀ ਸ੍ਰੀ ਆਦਿਤਿਆ ਨੇ ਦੱਸਿਆ ਕਿ ਝੜਪ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਹਿੰਸਾ ਦੀ ਰੋਕਥਾਮ ਅਤੇ ਜਾਇਦਾਦ ਨੂੰ ਨੁਕਸਾਨ ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਦੋ ਧਿਰਾਂ ਵਿਚਾਲੇ ਹੋਈ, ਪਰ ਕਿਸੇ ਡਾਕਟਰ ਜਾਂ ਸਟਾਫ਼ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਹਸਪਤਾਲ ਨੂੰ ਹੋਏ ਨੁਕਸਾਨ ਦੇ ਅਨੁਸਾਰ ਸਬੰਧਤ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ ਅਤੇ ਜਲਦੀ ਤੋਂ ਜਲਦੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸਿਵਲ ਸਰਜਨ ਡਾ: ਪ੍ਰਭਜੋਤ ਕੌਰ ਕਲਸੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੜਾਈ ਵਿੱਚ ਸ਼ਾਮਲ ਧਿਰਾਂ ਵਿੱਚੋਂ ਇੱਕ ਧਿਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਬੱਬਰ (ਗੁਰਦਾਸਪੁਰ) ਪਹੁੰਚੀ ਤਾਂ ਉਸੇ ਸਮੇਂ ਦੂਜੀ ਧਿਰ ਨੇ ਵੀ ਹਸਪਤਾਲ ਵਿੱਚ ਆ ਕੇ ਲੜਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹਸਪਤਾਲ ਦੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।