ਨਗਰ ਕੌਂਸਲ ਦੇ ਹਾਊਸ ਦੀ ਪਹਿਲੀ ਬੈਠਕ ‘ਚ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਮਤਾ ਪਾਸ
158 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ, ਵਿਧਾਇਕ ਪਾਹੜਾ ਵੀ ਰਹੇ ਹਾਜ਼ਰ
ਗੁਰਦਾਸਪੁਰ, 7 ਸਤੰਬਰ 2026 (ਮੰਨਨ ਸੈਣੀ)। ਚੋਣਾਂ ਤੋਂ ਬਾਅਦ ਨਗਰ ਕੌਂਸਲ ਗੁਰਦਾਸਪੁਰ ਦੇ ਜੇਤੂ ਪਾਰਸ਼ਦਾਂ ਦੀ ਪਹਿਲੀ ਹਾਊਸ ਬੈਠਕ ਸੋਮਵਾਰ ਨੂੰ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਹੋਈ। ਬੈਠਕ ਵਿੱਚ ਨਗਰ ਕੌਂਸਲ ਅਧੀਨ ਕੰਟਰੈਕਟ ‘ਤੇ ਕੰਮ ਕਰ ਰਹੇ 158 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਤਾ ਲਿਆਂਦਾ ਗਿਆ। ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਖ਼ਾਸ ਤੌਰ ‘ਤੇ ਸ਼ਾਮਲ ਹੋਏ।
ਵਿਧਾਇਕ ਪਾਹੜਾ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਾਰੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਕਾਂਗਰਸ ਹਕੂਮਤ ਦੇ ਸਮੇਂ ਕੰਟਰੈਕਟ ‘ਤੇ ਰੱਖੇ ਗਏ ਸਨ ਅਤੇ ਅੱਜ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਰੈਗੂਲਰ ਹੋਣ ਵਾਲੇ ਸਾਰੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਰੈਗੂਲਰ ਹੋਣ ਨਾਲ ਉਨ੍ਹਾਂ ਦੀ ਤਨਖ਼ਾਹ ਵਧੇਗੀ ਅਤੇ ਪਰਿਵਾਰ ਦੀ ਆਰਥਿਕ ਹਾਲਤ ਵਿੱਚ ਸੁਧਾਰ ਆਵੇਗਾ। ਪਾਹੜਾ ਨੇ ਕਿਹਾ ਕਿ ਹਾਊਸ ਦੀ ਬੈਠਕ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ‘ਤੇ ਵੀ ਗੱਲਬਾਤ ਹੋਈ।
ਪਾਹੜਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਨਗਰ ਕੌਂਸਲ ਪ੍ਰਧਾਨ ਅਤੇ ਉਹ ਨਿੱਜੀ ਤੌਰ ‘ਤੇ ਕੂੜਾ ਸੁੱਟਣ ਲਈ ਆਪਣੇ ਪੱਧਰ ‘ਤੇ ਪ੍ਰਬੰਧ ਕਰ ਰਹੇ ਹਨ। ਵਿਰੋਧੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਈ ਵੀ ਚੇਅਰਮੈਨੀ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਨਹੀਂ ਦਿੱਤੀ, ਭਾਵੇਂ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਉਨ੍ਹਾਂ ਦੇ ਭਰਾ ਕੋਲ ਹੈ, ਜੋ ਉਨ੍ਹਾਂ ਨੇ ਆਪਣੀ ਹਿੰਮਤ ਅਤੇ ਲੋਕਾਂ ਦੇ ਸਹਿਯੋਗ ਸਦਕਾ ਲਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਜਦੋਂ ਚਾਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਅਧਿਕਾਰੀ ਨਗਰ ਕੌਂਸਲ ਦਾ ਪ੍ਰਬੰਧਕ ਸੀ ਤਾਂ ਹਕੂਮਤੀ ਆਗੂ ਇਹ ਜ਼ਰੂਰ ਸਾਫ਼ ਕਰਨ ਕਿ ਉਨ੍ਹਾਂ ਚਾਰ ਮਹੀਨਿਆਂ ਵਿੱਚ ਕੂੜਾ ਕਿੱਥੇ ਸੁੱਟਿਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਚਾਰ ਮਹੀਨਿਆਂ ਵਿੱਚ ਵੀ ਕੂੜਾ ਉਸੇ ਜਗ੍ਹਾ ‘ਤੇ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਕੰਮ ਸਿਰਫ਼ ਸ਼ਹਿਰ ਦਾ ਕੂੜਾ ਇਕੱਠਾ ਕਰਨਾ ਹੈ, ਜਦਕਿ ਉਸ ਨੂੰ ਸੁੱਟਣ ਲਈ ਜਗ੍ਹਾ ਦਾ ਪ੍ਰਬੰਧ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਕੂਮਤ ਦਾ ਕੰਮ ਹੈ। ਇਸ ਦੇ ਬਾਵਜੂਦ ਉਹ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੂੜਾ ਸੁੱਟਣ ਲਈ ਆਪਣੇ ਪੱਧਰ ‘ਤੇ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੂੜੇ ਦਾ ਮਸਲਾ ਉਨ੍ਹਾਂ ਵਿਧਾਨ ਸਭਾ, ਮੁੱਖ ਮੰਤਰੀ ਅਤੇ ਮੰਤਰੀਆਂ ਦੇ ਸਾਹਮਣੇ ਵੀ ਰੱਖਿਆ।
ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਇਆ ਗਿਆ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਪਹਿਲਾਂ ਠੇਕੇਦਾਰੀ ਸਿਸਟਮ ਬੰਦ ਕਰਕੇ ਆਊਟਸੋਰਸ ਅਤੇ ਬਾਅਦ ਵਿੱਚ ਕੰਟਰੈਕਟ ‘ਤੇ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਹਾਊਸ ਦੀ ਪਹਿਲੀ ਬੈਠਕ ਵਿੱਚ ਹੀ ਉਨ੍ਹਾਂ ਸਫ਼ਾਈ ਮੁਲਾਜ਼ਮਾਂ ਦੇ ਹੱਕ ਵਿੱਚ ਮਤਾ ਪਾਸ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਅੱਠ-ਦਸ ਹਜ਼ਾਰ ਰੁਪਏ ਤਨਖ਼ਾਹ ਮਿਲਦੀ ਸੀ, ਜਿਸ ਨਾਲ ਪਰਿਵਾਰ ਚਲਾਉਣਾ ਮੁਸ਼ਕਲ ਸੀ। ਹੁਣ ਰੈਗੂਲਰ ਹੋਣ ਨਾਲ ਉਨ੍ਹਾਂ ਦੇ ਘਰ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਵੇਗਾ। ਬੈਠਕ ਵਿੱਚ ਉਪ ਪ੍ਰਧਾਨ ਸੰਜੀਵ ਬਾਂਟੂ ਅਤੇ ਸਾਰੇ ਪਾਰਸ਼ਦ ਹਾਜ਼ਰ ਸਨ।
ਸਫ਼ਾਈ ਮੁਲਾਜ਼ਮ ਯੂਨੀਅਨ ਦੇ ਸਕੱਤਰ ਸੋਨੂੰ ਸਭਰਵਾਲ ਨੇ ਕਿਹਾ ਕਿ ਅੱਜ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਵੱਲੋਂ ਸਾਰੇ ਪਾਰਸ਼ਦਾਂ ਨਾਲ ਮਿਲ ਕੇ ਸਫ਼ਾਈ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਇਆ ਗਿਆ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਵੱਲੋਂ ਗ਼ਰੀਬਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਬਲਜੀਤ ਪਾਹੜਾ ਵੱਲੋਂ ਹੀ ਉਨ੍ਹਾਂ ਨੂੰ ਕੰਟਰੈਕਟ ‘ਤੇ ਰੱਖਿਆ ਗਿਆ ਸੀ। ਅੱਜ ਫਿਰ ਦੁਬਾਰਾ ਪੰਜਾਬ ਵਿੱਚ ਸਭ ਤੋਂ ਪਹਿਲਾਂ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਇਆ ਗਿਆ।