ਜਿਲ੍ਹਾ ਗੁਰਦਾਸਪੁਰ ਵੱਲੋਂ ਮਰਦਮਸ਼ੁਮਾਰੀ 2027 ਫੇਜ਼-2 ਦੀਆਂ ਤਿਆਰੀਆਂ ਨੂੰ ਲੈ ਕੇ ਅਹਿਮ ਮੀਟਿੰਗ
ਗੁਰਦਾਸਪੁਰ, 7 ਸਤੰਬਰ 2026 (ਮੰਨਨ ਸੈਣੀ)– ਅੱਜ ਮਰਦਮਸ਼ੁਮਾਰੀ (Census) ਦੇ ਕੰਮਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਕਾਨਫਰੰਸ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕੀਤੀ ਗਈ।
ਇਸ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਡਾ.ਨਵਜੋਤ ਕੌਰ ਖੋਸਾ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਰਦਮਸ਼ੁਮਾਰੀ ਦੇ ਕੰਮ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਜ), ਸਮੂਹ ਐਸ.ਡੀ.ਐਮਜ਼, ਤਹਿਸੀਲਦਾਰ, ਈ.ਓ -ਕਮ- ਚਾਰਜ ਅਫਸਰਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਪ੍ਰਕਿਰਿਆ ਵਿੱਚ ਲੱਗਣ ਵਾਲੇ ਸਟਾਫ਼ ਦੀ ਟ੍ਰੇਨਿੰਗ ਅਤੇ ਡਿਊਟੀਆਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਡਾ.ਨਵਜੋਤ ਕੌਰ ਖੋਸਾ ਨੇ ਕਿਹਾ, “ਮਰਦਮਸ਼ੁਮਾਰੀ ਦੇਸ਼ ਦੇ ਵਿਕਾਸ ਅਤੇ ਯੋਜਨਾਵਾਂ ਲਈ ਬੇਹੱਦ ਜ਼ਰੂਰੀ ਹੈ। ਅਸੀਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕੋਈ ਵੀ ਘਰ ਜਾਂ ਨਾਗਰਿਕ ਇਸ ਸੂਚੀ ਵਿੱਚੋਂ ਰਹਿ ਨਾ ਜਾਵੇ।”
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦੇ ਵਿਕਾਸ ਅਤੇ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਕਾਰਜ ਹੈ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਮੇਂ ਸਿਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰਾਂ ਵਿੱਚ ਲੋੜੀਂਦੀ ਜਾਣਕਾਰੀ ਦਾ ਅਪਡੇਟ ਰਿਕਾਰਡ ਤਿਆਰ ਰੱਖਿਆ ਜਾਵੇ ਤਾਂ ਜੋ ਮਰਦਮਸ਼ੁਮਾਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਮਰਦਮਸ਼ੁਮਾਰੀ ਦੇ ਕੰਮ ਨਾਲ ਜੁੜੇ ਕਰਮਚਾਰੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜ਼ੀਟਲ ਪ੍ਰਣਾਲੀਆਂ ਦੀ ਵਰਤੋਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾ ਕੇ ਲੋਕਾਂ ਨੂੰ ਮਰਦਮਸ਼ੁਮਾਰੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹੀ ਅਤੇ ਭਰੋਸੇਯੋਗ ਅੰਕੜੇ ਹੀ ਸਰਕਾਰ ਨੂੰ ਲੋਕ ਭਲਾਈ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਕਰਦੇ ਹਨ। ਇਸ ਲਈ ਮਰਦਮਸ਼ੁਮਾਰੀ ਦੇ ਹਰ ਪੜਾਅ ਨੂੰ ਪੂਰੀ ਗੰਭੀਰਤਾ ਅਤੇ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾਵੇ
ਮੀਟਿੰਗ ਦੇ ਅੰਤ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਮਰਦਮਸ਼ੁਮਾਰੀ-2027 ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਸਮੇਤ ਸਮੂਹ ਐੱਸ ਡੀਐਮਜ ਵੀ ਮੌਜੂਦ ਸਨ।