Close

Recent Posts

ਪੰਜਾਬ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ
  • PublishedApril 15, 2025

ਸੂਬੇ ਭਰ ਦੇ 400 ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਅੱਜ ਹੋਇਆ ਉਦਘਾਟਨ: ਹਰਜੋਤ ਬੈਂਸ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਜਾਰਾ ਲਈ 10 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੰਦੇਸਰ ਲਈ 40 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 15 ਅਪ੍ਰੈਲ 2025 (ਦੀ ਪੰਜਾਬ ਵਾਇਰ)– ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਦਸ ਸਕੂਲਾਂ ਵਿੱਚ 84 ਲੱਖ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਸਿੱਖਿਆ ਮੰਤਰੀ ਨੇ ਹਲਕੇ ਦੇ ਹਾਈ, ਮਿਡਲ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਸਬੰਧੀ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਉਦਘਾਟਨ ਕੀਤੇ ਗਏ ਇਹਨਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਜਾਰਾ ਵਿਖੇ 5.10 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ 6.31 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਮੁਰੰਮਤ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਗ ਮਾਜਰੀ ਵਿਖੇ 12.6 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਮੁਰੰਮਤ ਦੇ ਕੰਮ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੰਦੇਸਰ ਵਿਖੇ 5.67 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪਖਾਨੇ ਅਤੇ ਮੁਰੰਮਤ ਦੇ ਕੰਮ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਰੋਲੀ ਵਿਖੇ 7.33 ਲੱਖ ਰੁਪਏ ਦੇ ਕਲਾਸਰੂਮ ਮੁਰੰਮਤ ਦੇ ਕੰਮ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਾਮੇਰਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗਨਾਰੁ ਵਿਖੇ 4.85 ਲੱਖ ਰੁਪਏ ਦੀ ਲਾਗਤ ਨਾਲ ਕਲਾਸਰੂਮ ਮੁਰੰਮਤ ਦੇ ਕਾਰਜ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਗੰਮਪੁਰ ਵਿਖੇ 11.16 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਅਤੇ ਕਲਾਸਰੂਮ ਮੁਰੰਮਤ ਦੇ ਕਾਰਜ, ਸਰਕਾਰੀ ਮਿਡਲ ਸਕੂਲ ਗਰਾਂ ਵਿਖੇ 2 ਲੱਖ ਰੁਪਏ ਨਾਲ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਅਤੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ 21.53 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸਰੂਮ ਅਤੇ ਇੱਕ ਚਾਰਦੀਵਾਰੀ ਦੀ ਉਸਾਰੀ ਸਬੰਧੀ ਕਾਰਜ ਸ਼ਾਮਲ ਹਨ।

ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਜਾਰਾ ਲਈ 10 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੰਦੇਸਰ ਲਈ 40 ਲੱਖ ਰੁਪਏ ਦੀਆਂ ਵਾਧੂ ਗ੍ਰਾਂਟਾਂ ਦਾ ਐਲਾਨ ਵੀ ਕੀਤਾ।

ਸੂਬੇ ਵਿੱਚ ਉੱਜਵਲ ਭਵਿੱਖ ਦੀ ਉਮੀਦ ਜਤਾਉਂਦਿਆਂ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਆਮ ਘਰਾਂ ਦੇ ਬੱਚੇ ਵਿਸ਼ਵਵਿਆਪੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ।

ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ।

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸੈਂਟਰ ਆਫ਼ ਐਕਸੀਲੈਂਸ ਵਿੱਚ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਉਂਦਿਆਂ ਸਕੂਲਾਂ ਨੂੰ “ਸਕੂਲ ਆਫ਼ ਐਮੀਨੈਂਸ”, “ਸਕੂਲ ਆਫ਼ ਹੈਪੀਨੈੱਸ” ਅਤੇ “ਸਕੂਲ ਆਫ਼ ਬ੍ਰਿਲੀਐਂਸ” ਵਿੱਚ ਅੱਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ, ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਪੇਸ਼ੇਵਰ ਅਤੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਲਈ ਉਨ੍ਹਾਂ ਨੂੰ ਵੱਕਾਰੀ ਵਿਦੇਸ਼ੀ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਦਾ ਉਦੇਸ਼ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣਾ ਹੈ ਅਤੇ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

Written By
The Punjab Wire