ਸਾਂਸਦ ਰੰਧਾਵਾ ਅਤੇ ਵਿਧਾਇਕ ਪਾਹੜਾ ਵੱਲੋਂ ਸਚਿਨ ਪਾਇਲਟ ਨਾਲ ਮੁਲਾਕਾਤ, ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ
‘ਆਪ’ ਦੇ ਝਾਂਸੇ ‘ਚ ਨਹੀਂ ਆਵੇਗੀ ਜਨਤਾ-ਵਿਧਾਇਕ ਪਾਹੜਾ
ਰੰਧਾਵਾ ਨੇ ਕਾਂਗਰਸ ਦੀ ਪਕੜ ‘ਤੇ ਜਤਾਇਆ ਭਰੋਸਾ
ਗੁਰਦਾਸਪੁਰ, 9 ਸਤੰਬਰ 2026 (ਮੰਨਨ ਸੈਣੀ)– ਲੋਕਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ਼ ਸਚਿਨ ਪਾਇਲਟ ਨਾਲ ਦਿੱਲੀ ਵਿੱਚ ਇੱਕ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਆਗੂਆਂ ਨੇ ਸਚਿਨ ਪਾਇਲਟ ਨੂੰ ਪਾਰਟੀ ਵਿੱਚ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਮੁੱਖ ਤੌਰ ‘ਤੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੂੰਘੇ ਵਿਚਾਰ-ਵਟਾਂਦਰੇ ਕੀਤੇ ਗਏ।
ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਪਕੜ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਅੱਜ ਵੀ ਕਾਂਗਰਸ ਸਰਕਾਰ ਦੇ ਵੇਲੇ ਕੀਤੇ ਗਏ ਵਿਕਾਸ ਕੰਮਾਂ ਨੂੰ ਯਾਦ ਕਰਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਰੰਧਾਵਾ ਨੇ ਇਹ ਵੀ ਕਿਹਾ ਕਿ ਪਾਰਟੀ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਰੱਖੀ ਜਾਵੇਗੀ ਅਤੇ ਇਸ ਦਿਸ਼ਾ ਵਿੱਚ ਪੂਰੀ ਤਤਪਰਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਦੀ ਹੈ ਅਤੇ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਕਾਂਗਰਸ ਨੂੰ ਆਪਣਾ ਅਸ਼ੀਰਵਾਦ ਦੇਵੇਗੀ।**
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਹੁਣ ਆਮ ਜਨਤਾ ਕਾਫ਼ੀ ਪਰੇਸ਼ਾਨ ਹੋ ਚੁੱਕੀ ਹੈ। ਪਾਹੜਾ ਨੇ ਦੋਸ਼ ਲਾਇਆ ਕਿ ਆਪ ਸਰਕਾਰ ਨੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮੀ ਵਿਖਾਈ ਹੈ ਅਤੇ ਹੁਣ ਉਹ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਜਾਲ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਪ ਦਾ ਅਸਲੀ ਚਿਹਰਾ ਪਛਾਣ ਲਿਆ ਹੈ ਅਤੇ ਹੁਣ ਉਹ ਕਾਂਗਰਸ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ।