ਰਾਹੁਲ ਗਾਂਧੀ ਨੇ ਪੰਜਾਬ ਦੇ ਨਸ਼ਿਆਂ ਬਾਰੇ ਸੱਚ ਬੋਲਿਆ, ਇਸ ਲਈ ‘ਆਪ’ ਸਰਕਾਰ ਬੌਖਲਾ ਗਈ: ਰੰਧਾਵਾ
ਕੇਜਰੀਵਾਲ ਅਤੇ ਭਗਵੰਤ ਮਾਨ ਦੇ ਦਾਵਿਆਂ ਦੀ ਸੱਚਾਈ ਹੁਣ ਸਭ ਦੇ ਸਾਹਮਣੇ ਆ ਚੁੱਕੀ ਹੈ: ਰੰਧਾਵਾ
ਗੁਲਜ਼ਾਰ ਸਿੰਘ ਦੀ ਮੌਤ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਜੁੜੇ ਗੰਭੀਰ ਮੁੱਦੇ ਦੀ ਪੇਸ਼ ਕਰਦੀ ਹੈ ਤਸਵੀਰ
ਚੰਡੀਗੜ੍ਹ, 9 ਸਤੰਬਰ 2026 (ਦੀ ਪੰਜਾਬ ਵਾਇਰ)– ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਸਭਾ ਵਿੱਚ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਅਸਲ ਹਕੀਕਤ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਜਿਸ ਮੁੱਦੇ ਨੂੰ ਦੇਸ਼ ਦੇ ਸਾਹਮਣੇ ਰੱਖਿਆ, ਉਸੇ ਕਾਰਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੌਖਲਾਹਟ ਸਾਫ਼ ਨਜ਼ਰ ਆ ਰਹੀ ਹੈ। ਜੇਕਰ ਸਰਕਾਰ ਦੇ ਦਾਅਵੇ ਸੱਚੇ ਹੁੰਦੇ ਤਾਂ ਇੰਨੀ ਤਿੱਖੀ ਪ੍ਰਤੀਕਿਰਿਆ ਦੇਣ ਦੀ ਲੋੜ ਹੀ ਨਾ ਪੈਂਦੀ। ਆਪ ਪਾਰਟੀ ਦੇ ਅਪਣੇ ਨੇਤਾ ਨਸ਼ਾ ਬੇਚਦੇ ਫੜੇ ਜਾ ਚੁੱਕੇ ਨੇ।
ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਿਰਫ਼ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਵਿਰੋਧੀ ਧਿਰ ‘ਤੇ ਹਮਲੇ ਕਰਨ ਦੀ ਬਜਾਏ ਇਹ ਦੱਸਣਾ ਚਾਹੀਦਾ ਹੈ ਕਿ ਵਾਰ-ਵਾਰ ਪੰਜਾਬ ਨੂੰ ਨਸ਼ਾ-ਮੁਕਤ ਦੱਸਣ ਦੇ ਦਾਵਿਆਂ ਦੇ ਬਾਵਜੂਦ ਇਹ ਮੁੱਦਾ ਅੱਜ ਵੀ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਕਿਉਂ ਬਣਿਆ ਹੋਇਆ ਹੈ।
ਉਨ੍ਹਾਂ ਗੁਲਜ਼ਾਰ ਸਿੰਘ ਦੀ ਮੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿ ਸਰਕਾਰ ਆਪਣੇ ਦਾਵਿਆਂ ‘ਤੇ ਸਵਾਲ ਉਠਾਉਣ ਵਾਲਿਆਂ ਨਾਲ ਕਿਵੇਂ ਪੇਸ਼ ਆ ਰਹੀ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਆਲੋਚਨਾ ਦਾ ਜਵਾਬ ਦੇਣ ਦੀ ਬਜਾਏ ਸਰਕਾਰ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਪੰਜਾਬ ਸਰਕਾਰ ਦਾ ਰਾਹ ਹੋਰ ਵੀ ਔਖਾ ਕਰੇਗੀ।
ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨੂੰ ਨਸ਼ਾ-ਮੁਕਤ ਦੱਸਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹਕੀਕਤ ਇਹ ਹੈ ਕਿ ਪੰਜਾਬ ਵਿੱਚ ਨਸ਼ਾ ਘਟਣ ਦੀ ਬਜਾਏ ਘਰ-ਘਰ ਤੱਕ ਪਹੁੰਚ ਗਿਆ ਹੈ। ਇਹੀ ਕਾਰਨ ਹੈ ਕਿ ਅੱਜ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ ਅਤੇ ਨੌਜਵਾਨਾਂ ਦਾ ਭਵਿੱਖ ਲਗਾਤਾਰ ਬਰਬਾਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਪ੍ਰਚਾਰ ਨਾਲ ਨਹੀਂ, ਸਗੋਂ ਨਤੀਜਿਆਂ ਨਾਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਨਸ਼ਿਆਂ ਦੇ ਸੰਕਟ ਦਾ ਮੁੱਦਾ ਲਗਾਤਾਰ ਚੁੱਕਦੀ ਰਹੇਗੀ ਅਤੇ ਸੂਬਾ ਸਰਕਾਰ ਤੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕਰਦੀ ਰਹੇਗੀ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਖੋਖਲੇ ਦਾਅਵੇ ਨਹੀਂ ਚਾਹੀਦੇ। ‘ਆਪ’ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਹੀ ਪਵੇਗੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸੁਰੱਖਿਅਤ ਭਵਿੱਖ ਦੇਣਾ ਹੋਵੇਗਾ।