ਲੁਧਿਆਣਾ, 17 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਉਪ-ਚੋਣ ਲਈ ਸ. ਪਰੂਪਕਾਰ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਸ. ਘੁੰਮਣ ਇੱਕ ਪ੍ਰਮੁੱਖ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।
ਇਸ ਫੈਸਲੇ ਤੋਂ ਪਹਿਲਾਂ ਸ. ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਲੁਧਿਆਣਾ ਦੇ ਸਮੂਹ ਸੀਨੀਅਰ ਆਗੂਆਂ, ਜਿਸ ਵਿੱਚ ਮੌਜੂਦਾ ਅਤੇ ਸਾਬਕਾ ਮਿਉਂਸਪਲ ਕੌਂਸਲਰ ਸ਼ਾਮਲ ਸਨ, ਨਾਲ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸ. ਘੁੰਮਣ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ, ਸਮੂਹ ਆਗੂਆਂ ਨੇ ਉਨ੍ਹਾਂ ਦੇ ਨਾਮ ਦੀ ਸਰਬਸੰਮਤੀ ਨਾਲ ਸਿਫਾਰਸ਼ ਕੀਤੀ।
ਸ. ਬਾਦਲ ਨੇ ਚੋਣ ਪ੍ਰਚਾਰ ਲਈ ਪੰਜ ਮੈਂਬਰੀ ਕਮੇਟੀ ਦਾ ਵੀ ਐਲਾਨ ਕੀਤਾ, ਜਿਸ ਵਿੱਚ ਸ. ਮਹੇਸ਼ ਇੰਦਰ ਸਿੰਘ ਗਰੇਵਾਲ, ਸ. ਹੀਰਾ ਸਿੰਘ ਗਾਬੜੀਆ, ਸ. ਹਰੀਸ਼ ਰਾਏ ਢੰਡਾ, ਸ. ਪ੍ਰੀਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ, ਜੋ ਕੋਆਰਡੀਨੇਟਰ ਦੀ ਭੂਮਿਕਾ ਨਿਭਾਉਣਗੇ।