ਗੁਰਦਾਸਪੁਰ

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ
  • PublishedApril 17, 2025

ਚੇਅਰਮੈਨ ਅਸ਼ੋਕ ਸਿੰਗਲਾ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਗਊਧਨ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ

ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ 2025 (ਦੀ ਪੰਜਾਬ ਵਾਇਰ ) । ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਬੇ-ਜ਼ੁਬਾਨ-ਬੇ-ਸਹਾਰਾ ਸੇਵਾ ਫਾਊਂਡੇਸ਼ਨ ਦੇ ਸੇਵਾਦਾਰ ਸੁਰਜੀਤ ਕੁਮਾਰ ਅਤੇ ਹੋਰ ਮੁਹਤਬਰ ਵੀ ਹਾਜ਼ਰ ਸਨ।

ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਗਊਸ਼ਾਲਾ ਕਲਾਨੌਰ ਦੇ ਦੌਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਊਧਨ ਦੀ ਸੇਵਾ-ਸੰਭਾਲ ਲਈ ਗਊਸ਼ਾਲਾ ਵਿੱਚ ਕੀਤੇ ਗਏ ਪ੍ਰਬੰਧਾਂ ਉੱਪਰ ਆਪਣੀ ਤਸੱਲੀ ਜ਼ਾਹਿਰ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਮਰ ਦੇ ਹਿਸਾਬ ਨਾਲ ਅਤੇ ਬਿਮਾਰ ਜਾਨਵਰਾਂ ਲਈ ਵੱਖੋ-ਵੱਖਰੇ ਬਲਾਕ ਬਣਾਏ ਜਾਣ ਤਾਂ ਜੋ ਬਿਮਾਰ ਜਾਨਵਰਾਂ ਅਤੇ ਛੋਟੇ ਜਾਨਵਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਕੈਟਲ ਪੌਂਡ ਕਮੇਟੀ ਨੂੰ ਕਿਹਾ ਕਿ ਗਊਸ਼ਾਲਾ ਦੇ ਵਿੱਚ ਜ਼ਿਆਦਾ ਤੋਂ ਜ਼ਿਆਦਾ ਛਾਂਦਾਰ ਰੁੱਖ ਲਗਾਏ ਜਾਣ ਤਾਂ ਜੋ ਜਾਨਵਰਾਂ ਨੂੰ ਠੰਡੀ ਛਾਂ ਮਿਲ ਸਕੇ। ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਗਊਸ਼ਾਲਾ ਵਿੱਚ ਸੁਧਾਰ ਦੇਖਣ ਨੂੰ ਮਿਲਿਆ ਹੈ ਅਤੇ ਹੋਰ ਵੀ ਜੋ ਘਾਟਾਂ ਹਨ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੂਰ ਕੀਤਾ ਜਾਵੇ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਸੇਵਾ ਸਮਝ ਕੇ ਕਰਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਗਊਧਨ ਦੀ ਸੇਵਾ ਲਈ ਅੱਗੇ ਆਉਣ।

ਇਸ ਮੌਕੇ ਬੇ-ਜ਼ੁਬਾਨ-ਬੇ-ਸਹਾਰਾ ਸੇਵਾ ਫਾਊਂਡੇਸ਼ਨ ਦੇ ਸੇਵਾਦਾਰ ਸੁਰਜੀਤ ਕੁਮਾਰ ਅਤੇ ਉਸਦੇ ਸਾਥੀਆਂ ਵੱਲੋਂ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਨੂੰ ਗਊਸ਼ਾਲਾ ਦੀ ਹੋਰ ਬਿਹਤਰੀ ਲਈ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ‘ਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਪੂਰੀ ਸੁਹਿਰਦਤਾ ਯਤਨ ਕੀਤੇ ਜਾਣਗੇ।

ਇਸ ਤੋਂ ਬਾਅਦ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਵੱਲੋਂ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਵਿਸ਼ਵਾਸ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਗਊਧਨ ਦੀ ਰੱਖਿਆ ਤੇ ਸੇਵਾ-ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ ਗਊਧਨ ਲਈ ਹਰਾ ਚਾਰਾ, ਤੂੜੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਓਥੇ ਪੱਕੇ ਤੌਰ ‘ਤੇ ਵੈਟਰਨਰੀ ਡਾਕਟਰ ਅਤੇ ਹੋਰ ਸਟਾਫ਼ ਤਾਇਨਾਤ ਕੀਤਾ ਗਿਆ ਹੈ ਜੋ ਲੋੜ ਪੈਣ ‘ਤੇ ਬਿਮਾਰ ਪਸ਼ੂਆਂ ਦਾ ਇਲਾਜ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਗਊ ਸੈੱਸ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਇਸ ਕੁਲੈਕਸ਼ਨ ਨੂੰ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ।

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ ਤੋਂ ਇਲਾਵਾ ਨਗਰ ਨਿਗਮ ਬਟਾਲਾ ਦੇ ਐੱਸ.ਡੀ.ਓ. ਪ੍ਰਭਨੂਰ ਸਿੰਘ ਅਤੇ ਸਮੂਹ ਨਗਰ ਕੌਂਸਲਾਂ ਦੇ ਈ.ਓ. ਹਾਜ਼ਰ ਸਨ।

Written By
The Punjab Wire