ਗੁਰਦਾਸਪੁਰ, 17 ਅਪ੍ਰੈਲ 2025 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਵਿਖੇ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਅਤੇ ਹੁਣ ਐੱਸ.ਸੀ./ਐੱਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ, ਜਦਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਗਿਆ ਸੀ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਕ ਹੋਰ ਕਦਮ ਚੁੱਕਦਿਆਂ ਆਮਦਨ ਯੋਗਤਾ ਵਿੱਚ 50 ਫ਼ੀਸਦੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਐੱਸ.ਸੀ/ਐੱਸ.ਟੀ. ਉਮੀਦਵਾਰ ਨੂੰ ਕਾਨੂੰਨੀ ਖੇਤਰ ਵਿੱਚ ਉੱਚ ਪਦਵੀਆਂ ਜਿਨ੍ਹਾਂ ਵਿਚ ਐਡੀਸ਼ਨਲ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ’ਤੇ ਪਹੁੰਚਣ ਵਿੱਚ ਸਹੂਲਤ ਮਿਲੇਗੀ।
ਸ. ਸੇਖਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਡਾ.ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਸੋਚ ਦਾ ਕੇਂਦਰ ਬਿੰਦੂ ਸੀ ਅਤੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਪ੍ਰਗਤੀਸ਼ੀਲ ਤਬਦੀਲੀ ਲਿਆ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।