ਚੰਡੀਗੜ੍ਹ, 10 ਸਤੰਬਰ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਜੀ ਦੇ ਦਿਹਾਂਤ ‘ਤੇ ਪੰਜਾਬ ਸਰਕਾਰ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਅੱਜ 10 ਸਤੰਬਰ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਬਾਕੀ ਰਹਿੰਦੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਆਮ ਰਾਜ ਪ੍ਰਬੰਧ ਵਿਭਾਗ (ਰਾਜਨੀਤੀ-1 ਸ਼ਾਖਾ) ਵੱਲੋਂ ਜਾਰੀ ਪੱਤਰ (ਮੀਮੋ ਨੰ: 9/2/2025-3ਰਾਜ-1/295-296, ਮਿਤੀ 10.09.2026) ਵਿੱਚ ਰਾਜ ਦੇ ਸਾਰੇ ਡਿਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਛੁੱਟੀ ਦੀ ਹਦਾਇਤ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਰਾਜਪਾਲ ਦੇ ਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ, ਵਿਧਾਨ ਸਭਾ ਦੇ ਸਪੀਕਰ ਦੇ ਸਕੱਤਰ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਭੇਜੀਆਂ ਗਈਆਂ ਹਨ।