ਮਿਸਟਰ ਸਿੰਘ’ ਪੋਸਟਰ ’ਤੇ ਭੜਕੇ ਰੰਧਾਵਾ, ਬੋਲੇ- ਅਮਰੀਕੀ ਏਜੰਸੀਆਂ ਵੱਲੋਂ ਸਿੱਖਾਂ ਦੀ ਨਸਲੀ ਪ੍ਰੋਫਾਈਲਿੰਗ ਬਰਦਾਸ਼ਤ ਨਹੀਂ
ਅਮਰੀਕਾ ਵਿੱਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦੀਆਂ 177 ਘਟਨਾਵਾਂ ਵਧਦੀ ਅਸਹਿਣਸ਼ੀਲਤਾ ਦਾ ਗੰਭੀਰ ਸੰਕੇਤ
ਵਿਦੇਸ਼ ਮੰਤਰੀ ਤੁਰੰਤ ਅਮਰੀਕੀ ਪ੍ਰਸ਼ਾਸਨ ਸਾਹਮਣੇ ਉਠਾਉਣ ਮਾਮਲਾ, ਪ੍ਰਧਾਨ ਮੰਤਰੀ ਮੋਦੀ ਦੇਣ ਜਵਾਬ
ਚੰਡੀਗੜ੍ਹ, 11 ਸਤੰਬਰ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰੀਕੀ ਹੋਮਲੈਂਡ ਸਕਿਉਰਿਟੀ (DHS) ਵੱਲੋਂ ਜਾਰੀ ਕਥਿਤ ‘ਮਿਸਟਰ ਸਿੰਘ’ ਪੋਸਟਰਾਂ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ ਸਿੱਖ ਭਾਈਚਾਰੇ ਦੀ ਨਸਲੀ ਪ੍ਰੋਫਾਈਲਿੰਗ ਅਤੇ ਉਨ੍ਹਾਂ ਦੀ ਧਾਰਮਿਕ ਪਛਾਣ ਨੂੰ ਨਿਸ਼ਾਨਾ ਬਣਾਉਣ ਵਾਲਾ ਬੇਹੱਦ ਇਤਰਾਜ਼ਯੋਗ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਆਪਣੀ ਮਿਹਨਤ, ਇਮਾਨਦਾਰੀ ਅਤੇ ਬਹਾਦਰੀ ਲਈ ਜਾਣੇ ਜਾਂਦੇ ਸਿੱਖ ਭਾਈਚਾਰੇ ਨੂੰ ਇਸ ਤਰ੍ਹਾਂ ਸ਼ੱਕ ਦੇ ਘੇਰੇ ਵਿੱਚ ਦਿਖਾਉਣਾ ਬਿਲਕੁਲ ਵੀ ਕਬੂਲ ਨਹੀਂ ਕੀਤਾ ਜਾ ਸਕਦਾ। ਸਿੱਖ ਭਾਈਚਾਰੇ ਨੇ ਪੂਰੀ ਦੁਨੀਆ ਵਿੱਚ ਮਨੁੱਖਤਾ ਦੀ ਸੇਵਾ, ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੀ ਪਛਾਣ ਨੂੰ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਨਾਲ ਜੋੜਨ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਅਮਰੀਕਾ ਵਿੱਚ ਸਿੱਖ ਵਿਰੋਧੀ ਨਫ਼ਰਤੀ ਅਪਰਾਧ ਪਹਿਲਾਂ ਹੀ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਉਪਲਬਧ ਅੰਕੜਿਆਂ ਅਨੁਸਾਰ ਸਾਲ 2024 ਵਿੱਚ 142 ਦੇ ਮੁਕਾਬਲੇ ਸਾਲ 2025 ਵਿੱਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦੀਆਂ 177 ਘਟਨਾਵਾਂ ਦਰਜ ਹੋਈਆਂ ਹਨ, ਜੋ ਵਧਦੀ ਅਸਹਿਣਸ਼ੀਲਤਾ ਦਾ ਗੰਭੀਰ ਸੰਕੇਤ ਹਨ। ਅਜਿਹੇ ਮਾਹੌਲ ਵਿੱਚ ਇਸ ਤਰ੍ਹਾਂ ਦੇ ਪੋਸਟਰ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਹੋਰ ਵਧਾਉਂਦੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿਰਫ਼ ਪਰਵਾਸੀ ਭਾਰਤੀਆਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਲੈਣ ਤੱਕ ਹੀ ਸੀਮਤ ਨਹੀਂ ਰਹਿ ਸਕਦੀ। ਜਦੋਂ ਵਿਦੇਸ਼ਾਂ ਵਿੱਚ ਭਾਰਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਦੀ ਇੱਜ਼ਤ ਅਤੇ ਸਨਮਾਨ ’ਤੇ ਸਵਾਲ ਖੜ੍ਹੇ ਹੋਣ, ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਨਜ਼ਰ ਆਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਹੈ।
ਰੰਧਾਵਾ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਤੋਂ ਮੰਗ ਕੀਤੀ ਕਿ ਉਹ ਇਸ ਪੂਰੇ ਮਾਮਲੇ ਨੂੰ ਤੁਰੰਤ ਅਮਰੀਕੀ ਪ੍ਰਸ਼ਾਸਨ ਦੇ ਸਾਹਮਣੇ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਸਿੱਖ ਭਾਈਚਾਰੇ ਦੀ ਧਾਰਮਿਕ ਪਛਾਣ ਅਤੇ ਸਨਮਾਨ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਸੁਰੱਖਿਆ ਪ੍ਰਣਾਲੀ ਦੇ ਨਾਮ ’ਤੇ ਕਿਸੇ ਖ਼ਾਸ ਭਾਈਚਾਰੇ ਦੀ ਪਛਾਣ ਨੂੰ ਸ਼ੱਕ ਦਾ ਪ੍ਰਤੀਕ ਬਣਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਖ਼ਿਲਾਫ਼ ਹੈ।